- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਕੀਤਾ ਭਰਵਾਂ ਸਵਾਗਤ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਹੁੰਚਣ ’ਤੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਸਮੂਹ ਟਰੱਸਟ ਮੈਂਬਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਖਾਲਸਾ ਮਾਰਚ ਵਿਚ ਸ਼ਾਮਲ ਪੰਜਾਂ ਪਿਆਰਿਆਂ ਅਤੇ ਸਿੰਘ ਸਾਹਿਬਾਨ ਦਾ ਫੁੱਲਾਂ ਦੀ ਵਰਖਾ ਕਰ ਕੇ ਸ਼ਾਨਦਾਰ ਸਵਾਗਤ ਕੀਤਾ। ਸਮੂਹ ਟਰੱਸਟ ਨੇ ਪੰਜਾਂ ਪਿਆਰਿਆਂ ਅਤੇ ਨਾਲ ਆਏ ਸਿੰਘ ਸਾਹਿਬਾਨ ਨੂੰ ਸਿਰੋਪਾਓ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ। ਗੁਰੂ ਸਾਹਿਬਾਨ ਜੀ ਦੇ ਪਵਿੱਤਰ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੇ ਕੀਤੇ। ਸਮੂਹ ਸੰਗਤਾਂ ਵੱਲੋਂ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ ਅਤੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਲਗਾਏ ਜੈਕਾਰਿਆਂ ਨਾਲ ਆਸਮਾਨ ਗੂੰਜ ਉੱਠਿਆ। ਹਸਪਤਾਲ ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖਾਲਸਾ ਮਾਰਚ ਦਾ ਮੁੱਖ ਮੰਤਵ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਜੀਵਨ ਵਿਚ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਮਹੱਤਵ ਨੂੰ ਦਰਸਾਉਂਦਾ ਹੈ। ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ।