- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਈਂ ਕਾਲਜ 'ਚ ਵਿਸ਼ਵ ਓਜ਼ੋਨ ਦਿਵਸ ਮਨਾਇਆ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ’ਚ ਵਾਤਾਵਰਣ ਸੰਭਾਲ ਅਤੇ ਓਜ਼ੋਨ ਪਰਤ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ। ਇਹ ਪ੍ਰੋਗਰਾਮ ਐੱਨਐੱਸਐੱਸ ਯੂਨਿਟ ਵੱਲੋਂ ਪ੍ਰਿੰ. ਡਾ. ਸੁਨੀਲਾ ਧੀਰ ਅਤੇ ਐੱਨਐੱਸਐੱਸ ਇੰਚਾਰਜ ਬਲਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਕੀਤਾ। ਵਿਦਿਆਰਥੀਆਂ ਦਾ ਵਾਤਾਵਰਣ ਅਤੇ ਓਜ਼ੋਨ ਪਰਤ ਨਾਲ ਸਬੰਧਿਤ ਕੁਇਜ਼ ਮੁਕਾਬਲਾ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕੁਇਜ਼ ਰਾਹੀਂ ਵਿਦਿਆਰਥੀਆਂ ਦੇ ਵਾਤਾਵਰਣ ਸਬੰਧੀ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਓਜ਼ੋਨ ਪਰਤ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦਾ ਉਪਰਾਲਾ ਕੀਤਾ। ਪ੍ਰਿੰ. ਡਾ. ਸੁਨੀਲਾ ਧੀਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਯਤਨ ਕਰਨ ਦਾ ਸੰਦੇਸ਼ ਦਿੱਤਾ। ਕਾਲਜ ਦੇ ਚੇਅਰਮੈਨ ਪੀਕੇ ਜੌਹਰ, ਇੰਜੀ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਅਜਿਹੀਆਂ ਜਾਗਰੂਕਤਾ ਭਰਪੂਰ ਗਤੀਵਿਧੀਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ।