ਹਾਊਸਿੰਗ ਬੋਰਡ ਕਾਲੋਨੀ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਪਰਿਵਾਰ ਨੇ ਗੁਆਂਢੀਆਂ ’ਤੇ ਕਤਲ ਦੇ ਦੋਸ਼ ਲਗਾਏ ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ
Publish Date: Sat, 04 Jul 2026 08:32 PM (IST)
Updated Date: Sat, 04 Jul 2026 08:35 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਹਾਊਸਿੰਗ ਬੋਰਡ ਕਾਲੋਨੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਗੁਆਂਢੀਆਂ ’ਤੇ ਕਤਲ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਛਾਣ ਰਵੀ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ ਅਤੇ ਦੋਵਾਂ ਦਾ ਪਹਿਲਾਂ ਵੀ ਗੁਆਂਢੀਆਂ ਨਾਲ ਵਿਵਾਦ ਰਹਿ ਚੁੱਕਾ ਹੈ। ਇਸ ਸਬੰਧੀ ਪਹਿਲਾਂ ਤੋਂ ਕੇਸ ਵੀ ਦਰਜ ਹਨ, ਜਿਸ ਕਾਰਨ ਗੁਆਂਢੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਵਾਲੇ ਦਿਨ ਰਵੀ ਜਦੋਂ ਬਾਹਰੋਂ ਘਰ ਵਾਪਸ ਆਇਆ ਤਾਂ ਘਰ ਅੰਦਰ ਦਾਖ਼ਲ ਹੁੰਦੇ ਹੀ ਅਚਾਨਕ ਜ਼ਮੀਨ ’ਤੇ ਡਿੱਗ ਪਿਆ। ਉਨ੍ਹਾਂ ਦੇ ਅਨੁਸਾਰ ਰਵੀ ਨੇ ਦੱਸਿਆ ਕਿ ਗੁਆਂਢੀਆਂ ਨੇ ਉਸ ਦੇ ਗਲੇ ਵਿੱਚ ਫੰਦਾ ਪਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ ਅਤੇ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਕੋਈ ਆਮ ਮੌਤ ਨਹੀਂ, ਸਗੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਹੈ। ਉਨ੍ਹਾਂ ਨੇ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਡੀਐੱਸਪੀ ਸਿਟੀ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਰਾਤ ਕਰੀਬ ਸਾਢੇ ਅੱਠ ਵਜੇ ਹਾਊਸਿੰਗ ਬੋਰਡ ਕਾਲੋਨੀ ਵਿੱਚ ਕਤਲ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਉਹ ਥਾਣਾ ਡਵੀਜ਼ਨ ਨੰਬਰ 2 ਦੇ ਐੱਸਐੱਚਓ ਨਾਲ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਸਰੀਰ ’ਤੇ ਕਿਸੇ ਵੀ ਤਰ੍ਹਾਂ ਦੇ ਸਪੱਸ਼ਟ ਸੱਟਾਂ ਦੇ ਨਿਸ਼ਾਨ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।