- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ-ਨਿਯੁਕਤ ਡੀਐੱਸਪੀ ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨਾਲ ਵਪਾਰ ਮੰਡਲ ਦੇ ਵਫ਼ਦ ਨੇ ਕੀਤੀ ਮੁਲਾਕਾਤ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਸ਼ਹਿਰ ਦੇ ਬਾਜ਼ਾਰਾਂ ਵਿੱਚ ਵਧ ਰਹੀਆਂ ਚੋਰੀਆਂ, ਚੇਨ ਝਪਟਮਾਰੀ ਦੀਆਂ ਘਟਨਾਵਾਂ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਪਠਾਨਕੋਟ ਵਪਾਰ ਮੰਡਲ ਨੇ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਮਜ਼ਬੂਤ ਕਰਨ ਦੀ ਪਹਿਲ ਕੀਤੀ ਹੈ। ਇਸ ਸਬੰਧੀ ਪ੍ਰਧਾਨ ਮਨਿੰਦਰ ਸਿੰਘ ਲੱਕੀ ਅਤੇ ਚੇਅਰਮੈਨ ਅਨਿਲ ਮਹਾਜਨ ਦੀ ਅਗਵਾਈ ਹੇਠ ਵਪਾਰੀਆਂ ਦੇ ਵਫ਼ਦ ਨੇ ਨਵ-ਨਿਯੁਕਤ ਡੀਐੱਸਪੀ ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ। ਇਸ ਮੌਕੇ ਮਨਿੰਦਰ ਸਿੰਘ ਲੱਕੀ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਬਾਜ਼ਾਰਾਂ ਵਿੱਚ ਚੋਰੀਆਂ ਅਤੇ ਚੇਨ ਝਪਟਮਾਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਚੌਕਸੀ ਵਧਾਉਣੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰ ਮੰਡਲ ਪੁਲਿਸ ਪ੍ਰਸ਼ਾਸਨ ਨੂੰ ਹਰ ਪੱਖੋਂ ਸਹਿਯੋਗ ਦੇਵੇਗਾ।
ਇਸ ਮੌਕੇ ਚੇਅਰਮੈਨ ਅਨਿਲ ਮਹਾਜਨ ਅਤੇ ਵਪਾਰੀ ਆਗੂ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੁਲਿਸ ਤੇ ਵਪਾਰੀਆਂ ਵਿਚਕਾਰ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਠਾਕੁਰ ਰਵਿੰਦਰ ਸਿੰਘ ਰੂਬੀ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਡੀਐੱਸਪੀ ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਕਿਸੇ ਵੀ ਸ਼ੱਕੀ ਵਿਅਕਤੀ, ਸਮਾਜ ਵਿਰੋਧੀ ਅਨਸਰ ਜਾਂ ਨਸ਼ਾ ਤਸਕਰ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਸ਼ਹਿਰ ਦੀ ਸੁਰੱਖਿਆ ਅਤੇ ਵਿਵਸਥਾ ਸੁਧਾਰਨ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੇਗੀ। ਇਸ ਮੌਕੇ ਅਸ਼ਵਨੀ ਗੁਪਤਾ, ਨਵੀਨ ਮਲਹੋਤਰਾ, ਰਾਜੀਵ ਆਨੰਦ, ਨਾਰਾਇਣਦੀਪ ਸਿੰਘ, ਮਨਪ੍ਰੀਤ ਸਿੰਘ ਸਾਹਨੀ, ਵਿਨੈ ਮਹਾਜਨ, ਜੋਗਿੰਦਰ ਕੁਮਾਰ, ਅਸ਼ੋਕ ਮਹਾਜਨ, ਰਾਜੇਸ਼ ਅਤੇ ਮਾਨਵ ਮਹਾਜਨ ਸਮੇਤ ਵਪਾਰ ਮੰਡਲ ਦੇ ਹੋਰ ਮੈਂਬਰ ਵੀ ਹਾਜ਼ਰ ਸਨ।