ਪਠਾਨਕੋਟ ’ਚ ਵਿਸ਼ਾਲ ਧਾਰਮਿਕ ਸਮਾਗਮ 22 ਤੋਂ, ਧੀਰੇਂਦਰ ਸ਼ਾਸਤਰੀ ਕਰਨਗੇ ਸ਼ਿਰਕਤ ਪਠਾਨਕੋਟ ਵਿਖੇ 22 ਤੋਂ 24 ਨਵੰਬਰ ਤੱਕ ਸਜੇਗਾ ਵਿਸ਼ਾਲ ਧਾਰਮਿਕ ਸਮਾਗਮ
Publish Date: Sat, 21 Nov 2026 05:36 PM (IST)
Updated Date: Sat, 21 Nov 2026 05:37 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼ਹਿਰ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਮਾਗਮ ’ਚ ਧੀਰੇਂਦਰ ਸ਼ਾਸਤਰੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਸੰਬੋਧਨ ਕਰਨਗੇ। ਸਮਾਗਮ ਦੇ ਪਹਿਲੇ ਦੋ ਦਿਨ ਕਥਾ ਅਤੇ ਕੀਰਤਨ ਹੋਵੇਗਾ, ਜਦਕਿ 24 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਦਰਬਾਰ ਸਜਾਇਆ ਜਾਵੇਗਾ। ਸਮਾਗਮ ’ਚ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸਐੱਸਪੀ ਪਠਾਨਕੋਟ ਮਨਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਕੇਸ਼ ਮੀਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜ਼ੂਦ ਸਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ।