- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਦੀ 26 ਨਵੰਬਰ ਦੀ ਰੈਲੀ ਲਈ ਪਠਾਨਕੋਟ ਤੋਂ ਵੱਡਾ ਕਿਸਾਨ ਜਥਾ ਹੋਵੇਗਾ ਰਵਾਨਾ

ਫੋਟੋ : ਬਾਠ ਸਾਹਿਬ ਵਿਖੇ ਮੀਟਿੰਗ ਦੌਰਾਨ ਹਾਜ਼ਰ ਸੰਯੁਕਤ ਕਿਸਾਨ ਮੋਰਚੇ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ।
ਅੰਕੁਰ ਮਹਾਜਨ, ਪੰਜਾਬੀ ਜਾਗਰਣ
ਪਠਾਨਕੋਟ ਕੈਂਟ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਜ਼ੋਨਲ ਰੈਲੀ ’ਚ ਪਠਾਨਕੋਟ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਕਾਮਰੇਡ ਪਰਮਜੀਤ ਦੀ ਪ੍ਰਧਾਨਗੀ ਹੇਠ ਬਾਠ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 26 ਨਵੰਬਰ ਨੂੰ ਸਵੇਰੇ 7 ਵਜੇ ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਦਾ ਜਥਾ ਰੇਲ ਰਾਹੀਂ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ, ਜਦਕਿ ਬਾਕੀ ਕਿਸਾਨ ਆਪਣੇ ਨਿੱਜੀ ਸਾਧਨਾਂ ਰਾਹੀਂ ਰੈਲੀ ਵਿੱਚ ਪਹੁੰਚਣਗੇ।
ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਵਲ ਕਾਲੀਆ ਅਤੇ ਪਰਸ਼ੋਤਮ ਕੁਮਾਰ, ਜਮਹੂਰੀ ਕਿਸਾਨ ਸਭਾ ਵੱਲੋਂ ਕਾਮਰੇਡ ਬਲਵੰਤ ਸਿੰਘ ਅਤੇ ਬਲਦੇਵ ਰਾਜ ਭੋਆ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੇਵਲ ਸਿੰਘ ਕੰਗ, ਨੱਥਾ ਸਿੰਘ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮਿਹਰ ਸਿੰਘ ਅਤੇ ਸਾਗਰ ਸਿੰਘ, ਕਿਰਤੀ ਕਿਸਾਨ ਯੂਨੀਅਨ ਵੱਲੋਂ ਪਰਮਜੀਤ ਅਤੇ ਕੁਲਬੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਆਈਐੱਸ ਗੁਲਾਟੀ ਅਤੇ ਨੇਤਰ ਸਿੰਘ ਹਾਜ਼ਰ ਸਨ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਸਮਝੌਤਾ ਕੀਤਾ ਸੀ, ਪਰ ਅਜੇ ਤੱਕ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਸਰਕਾਰ ਨਾਲ ਵੀ ਮੰਗਾਂ ਸਬੰਧੀ ਇੱਕ ਹਫ਼ਤਾ ਚੰਡੀਗੜ੍ਹ ਵਿਖੇ ਧਰਨਾ ਦੇਣ ਤੋਂ ਬਾਅਦ ਲਿਖਤੀ ਸਮਝੌਤਾ ਹੋਇਆ ਸੀ, ਪਰ ਸਰਕਾਰ ਨੇ ਉਸ ਉੱਤੇ ਵੀ ਅਮਲ ਨਹੀਂ ਕੀਤਾ। ਆਗੂਆਂ ਅਨੁਸਾਰ ਪਾਣੀਆਂ ਸਬੰਧੀ ਪੁਰਾਣੇ ਸਮਝੌਤੇ ਰੱਦ ਕਰਨ ਦਾ ਮਤਾ ਪੇਸ਼ ਨਹੀਂ ਕੀਤਾ ਗਿਆ, ਬੀਜ ਬਿੱਲ-2025 ਰੱਦ ਕਰਨ ਤੋਂ ਸਰਕਾਰ ਪਿੱਛੇ ਹਟ ਗਈ ਅਤੇ ਕਿਸਾਨਾਂ ਦੇ ਕਰਜ਼ਿਆਂ ਲਈ ਇਕਮੁਸ਼ਤ ਨਿਪਟਾਰਾ ਸਕੀਮ ਵੀ ਲਾਗੂ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਿਸਾਨ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੂੰ ਸਵਾਲ ਕਰਨਗੇ।