ਪੇ-ਸਕੇਲ ਦੀ ਮੰਗ ਨੂੰ ਲੈ ਕੇ 2 ਨੂੰ ਸੰਗਰੂਰ ਵਿਖੇ ਹੋਵੇਗੀ ਮੁੱਖ ਰੈਲੀ ਪੇ-ਸਕੇਲ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਹੋਵੇਗੀ ਮੁੱਖ ਰੈਲੀ
Publish Date: Mon, 28 Sep 2026 05:40 PM (IST)
Updated Date: Mon, 28 Sep 2026 05:42 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ ਪੇ-ਸਕੇਲ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਫਰੰਟ ਦੇ ਆਗੂ ਮੁਨੀਸ਼ ਕੁਮਾਰ, ਅਜੇ ਕੁਮਾਰ ਅਤੇ ਸ਼ਾਮ ਲਾਲ ਨੇ ਦੱਸਿਆ ਕਿ ਪੇ-ਸਕੇਲ ਦੀ ਮੰਗ ਨੂੰ ਲੈ ਕੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਸ ਮਸਲੇ ਨੂੰ ਲੈ ਕੇ ਵਿੱਤ ਮੰਤਰੀ, ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਤੇ ਇਨ੍ਹਾਂ ਮੀਟਿੰਗਾਂ ਦੌਰਾਨ ਪੇ-ਸਕੇਲ ਲਾਗੂ ਕਰਨ ਸਬੰਧੀ ਭਰੋਸੇ ਵੀ ਦਿੱਤੇ ਗਏ, ਪਰ ਇਸ ਦੇ ਬਾਵਜੂਦ ਅਜੇ ਤੱਕ ਮਸਲੇ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਪੇ-ਸਕੇਲ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਮੰਗ ਪੂਰੀ ਨਾ ਹੋਣ ਕਾਰਨ ਸਪੈਸ਼ਲ ਕਾਡਰ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀ ਮੰਗ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਨੂੰ ਇਸ ਸਬੰਧੀ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ 2 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮੁੱਖ ਰੈਲੀ ਵਿੱਚ ਪੰਜਾਬ ਭਰ ਤੋਂ ਸਪੈਸ਼ਲ ਕਾਡਰ ਨਾਲ ਸਬੰਧਤ ਅਧਿਆਪਕ ਸ਼ਮੂਲੀਅਤ ਕਰਨਗੇ। ਉਨ੍ਹਾਂ ਪੰਜਾਬ ਦੇ ਸਮੂਹ ਸਬੰਧਤ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੇ-ਸਕੇਲ ਦੀ ਮੰਗ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।