ਘਰ ਦੇ ਮੈਂਬਰਾਂ ਦੇ ਕੰਮ ’ਤੇ ਜਾਣ ਮਗਰੋਂ ਤਾਲੇ ਤੋੜ ਕੇ ਲੱਖਾਂ ਦੀ ਚੋਰੀ ਘਰ ਦੇ ਮੈਂਬਰਾਂ ਦੇ ਕੰਮ ’ਤੇ ਜਾਣ ਮਗਰੋਂ
Publish Date: Tue, 22 Sep 2026 05:12 PM (IST)
Updated Date: Tue, 22 Sep 2026 05:15 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਸ਼ਹਿਰ ਦੇ ਮੁਹੱਲਾ ਕਾਜੀਆ ’ਚ ਚੋਰਾਂ ਨੇ ਦਿਨ-ਦਿਹਾੜੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 7 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣਿਆਂ ਸਮੇਤ ਕਰੀਬ 5 ਲੱਖ ਰੁਪਏ ਦੀ ਨਕਦੀ ’ਤੇ ਹੱਥ ਸਾਫ਼ ਕਰ ਦਿੱਤਾ। ਚੋਰ ਘਰ ’ਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ। ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤਿਆ ਗਿਆ ਇਕ ਹਥਿਆਰ ਚੋਰ ਮੌਕੇ ’ਤੇ ਹੀ ਛੱਡ ਗਏ, ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਮਹਾਜਨ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਦਾ ਹਾਦਸਾ ਹੋ ਗਿਆ ਸੀ। ਇਸ ਕਾਰਨ ਉਹ ਆਪਣੇ ਪਰਿਵਾਰ ਸਮੇਤ ਘਰ ਛੱਡ ਕੇ ਰਿਸ਼ਤੇਦਾਰਾਂ ਦੇ ਘਰ ਰਹਿ ਰਹੇ ਸਨ। ਹਾਲਾਂਕਿ ਉਨ੍ਹਾਂ ਦੇ ਪਿਤਾ ਅਤੇ ਭਾਂਜਾ ਹਰ ਰੋਜ਼ ਰਾਤ ਨੂੰ ਘਰ ਆ ਕੇ ਸੌਂਦੇ ਸਨ ਅਤੇ ਸਵੇਰੇ ਕੰਮ ’ਤੇ ਚਲੇ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ ਵੀ ਉਨ੍ਹਾਂ ਦੇ ਪਿਤਾ ਅਤੇ ਭਾਂਜਾ ਰੋਜ਼ਾਨਾ ਦੀ ਤਰ੍ਹਾਂ ਘਰ ਨੂੰ ਤਾਲਾ ਲਗਾ ਕੇ ਕੰਮ ’ਤੇ ਚਲੇ ਗਏ। ਸ਼ਾਮ ਸਮੇਂ ਜਦੋਂ ਉਹ ਘਰ ਪਹੁੰਚੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਮਾਨ ਖਿੱਲਰਿਆ ਪਿਆ ਸੀ। ਘਰ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰ ਕਰੀਬ 7 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਕਰੀਬ 5 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ ਹਨ। ਅੰਕਿਤ ਮਹਾਜਨ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਕਮੇਟੀ ਮਿਲੀ ਸੀ, ਜਿਸ ਦੀ ਰਕਮ ਉਨ੍ਹਾਂ ਨੇ ਘਰ ’ਚ ਰੱਖੀ ਹੋਈ ਸੀ। ਚੋਰਾਂ ਨੇ ਘਰ ਦੇ ਵੱਖ-ਵੱਖ ਕਮਰਿਆਂ ’ਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਕੱਢ ਲਿਆ। ਇਸ ਕਾਰਨ ਪੁਲਿਸ ਲਈ ਚੋਰਾਂ ਦੀ ਪਛਾਣ ਕਰਨਾ ਚੁਣੌਤੀ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਅੰਕਿਤ ਮਹਾਜਨ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੌਕੇ ਤੋਂ ਮਿਲੇ ਹਥਿਆਰ ਸਮੇਤ ਹੋਰ ਸਬੂਤਾਂ ਦੇ ਆਧਾਰ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।