- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਦੇ ਸਮਰੱਥ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਭਾਜਪਾ ਮਹਿਲਾ ਮੋਰਚਾ ਪਠਾਨਕੋਟ ਦੀ ਜ਼ਿਲ੍ਹਾ ਸਕੱਤਰ, ਸਾਬਕਾ ਸਰਪੰਚ ਸ਼ੇਰਪੁਰ ਅਤੇ ਵਿਧਾਨ ਸਭਾ ਹਲਕਾ 002-ਭੋਆ ਤੋਂ ਭਾਜਪਾ ਦੀ ਮੁੱਖ ਦਾਅਵੇਦਾਰ ਸੀਮਾ ਭਾਰਤੀ ਸ਼ੇਰਪੁਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਵਿਕਾਸ ਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਸੂਬੇ ਦੀ ਬਿਹਤਰੀ ਲਈ ਰਾਜਨੀਤਕ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਂਝੀ ਸੋਚ ਅਤੇ ਠੋਸ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਵਪਾਰੀਆਂ ਨੂੰ ਸੁਖਾਵਾਂ ਮਾਹੌਲ ਦੇਣਾ ਅਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸੜਕਾਂ, ਵਿਕਾਸ ਕੰਮਾਂ ਤੇ ਲੋਕ ਭਲਾਈ ਦੇ ਖੇਤਰ ਵਿੱਚ ਕਈ ਅਹਿਮ ਉਪਰਾਲੇ ਕੀਤੇ ਗਏ ਸਨ। ਸੀਮਾ ਭਾਰਤੀ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁੱਕਵੇਂ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੇ ਉਪਰਾਲੇ ਕਰਨੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਵੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਸੁਨਹਿਰੀ ਭਵਿੱਖ, ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।