
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਲ ਇੰਡੀਆ ਪੀਪਲਜ਼ ਪੀਸ ਪਾਰਟੀ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਨਵਾਂ ਬਦਲ ਦੇਣ ਦਾ ਐਲਾਨ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ
ਪਠਾਨਕੋਟ ਦੇ ਸਰਹੱਦੀ ਖੇਤਰ ਸੁਜਾਨਪੁਰ ਵਿਖੇ 80 ਵੇਂ ਆਜ਼ਾਦੀ ਦਿਹਾੜੇ ਮੌਕੇ ਹੋਈ ਇੱਕ ਅਹਿਮ ਮੀਟਿੰਗ ਦੌਰਾਨ ‘ਆਲ ਇੰਡੀਆ ਪੀਪਲਜ਼ ਪੀਸ ਪਾਰਟੀ’ ਦੇ ਵਿਧੀਵਤ ਗਠਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਨਾਲ ਲੜਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਸੁਰਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪਾਰਟੀ ਦਾ ਕੌਮੀ ਚੇਅਰਮੈਨ ਚੁਣਿਆ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਨਿਰਸਵਾਰਥ ਸੇਵਾ ਕਰਦਿਆਂ ਪੰਜਾਬ ਵਿੱਚ ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਸ਼ੁਰੂ ਕੀਤਾ ਗਿਆ ਇਹ ਲੋਕ ਅੰਦੋਲਨ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰੇਗਾ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪਾਰਟੀ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਸਥਾਨਕ ਵਪਾਰ ਨੂੰ ਹੁਲਾਰਾ ਦੇਣ ਲਈ ਠੋਸ ਨੀਤੀਆਂ ਬਣਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਧਰਮਾਂ, ਵਰਗਾਂ ਅਤੇ ਭਾਈਚਾਰਿਆਂ ਵਿਚਕਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਸੁਰੇਸ਼ ਗੁਪਤਾ, ਬਲਵੀਰ ਸਿੰਘ ਜਮਵਾਲ, ਹਰਜੀਤ ਸਿੰਘ, ਸਤਪਾਲ ਮੰਜੋਤਰਾ ਅਤੇ ਜਸਕਰਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੀ ਸਮਾਪਤੀ ਮੌਕੇ ਪਾਰਟੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਬੁੱਧੀਜੀਵੀ ਵਰਗ ਨੂੰ ਇਸ ਨਵੇਂ ਸਿਆਸੀ ਬਦਲ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।