ਭਰਤੀਆਂ ’ਚ ਰਾਖਵਾਂਕਰਨ ਦੇ ਨਿਯਮਾਂ ਦੀ ਅਣਦੇਖੀ ਕਰਨ ਦਾ ਦੋਸ਼ ਆਮ ਆਦਮੀ ਕਲੀਨਿਕਾਂ ਦੀਆਂ ਭਰਤੀਆਂ ’ਚ ਰਾਖਵਾਂਕਰਨ ਦੇ ਨਿਯਮਾਂ ਦੀ ਅਣਦੇਖੀ ਕਰਨ ਦਾ ਦੋਸ਼
Publish Date: Fri, 13 Nov 2026 05:02 PM (IST)
Updated Date: Sat, 14 Nov 2026 04:01 AM (IST)
ਫ਼ੋਟੋ : ਪੰਜਾਬ ਕਾਂਗਰਸ ਕਮੇਟੀ ਦੀ ਬੁਲਾਰਨ ਟੀਨਾ ਚੌਧਰੀ। ਨਰਿੰਦਰ ਨਿੰਦੀ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ’ਚ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲੱਗੇ ਹਨ। ਪੰਜਾਬ ਕਾਂਗਰਸ ਕਮੇਟੀ ਦੀ ਬੁਲਾਰਨ ਟੀਨਾ ਚੌਧਰੀ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਰਾਖਵਾਂਕਰਨ ਦੀ ਵਿਵਸਥਾ ਨੂੰ ਨਜ਼ਰਅੰਦਾਜ਼ ਕਰਨਾ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਸੰਵਿਧਾਨਕ ਹੱਕਾਂ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਟੀਨਾ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਆਮ ਆਦਮੀ ਕਲੀਨਿਕਾਂ ਦੀਆਂ ਨਵੀਆਂ ਭਰਤੀਆਂ ਲਈ ਅਸਾਮੀਆਂ ਨੂੰ ਖੁੱਲ੍ਹੀ ਸ਼੍ਰੇਣੀ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਰਾਖਵਾਂਕਰਨ ਦੀ ਨੀਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਇਹ ਕਦਮ ਸਮਾਜ ਦੇ ਪਛੜੇ ਅਤੇ ਵਾਂਝੇ ਵਰਗਾਂ ਨੂੰ ਮਿਲੇ ਸੰਵਿਧਾਨਕ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਖਵਾਂਕਰਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦਾ ਮਹੱਤਵਪੂਰਨ ਸੰਵਿਧਾਨਕ ਪ੍ਰਬੰਧ ਹੈ। ਇਸ ਸਬੰਧੀ ਭਾਜਪਾ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 400 ਪਾਰ ਦੇ ਨਾਅਰੇ ਦੌਰਾਨ ਵੀ ਸੰਵਿਧਾਨ ਅਤੇ ਰਾਖਵਾਂਕਰਨ ਨੂੰ ਲੈ ਕੇ ਲੋਕਾਂ ਵਿੱਚ ਚਿੰਤਾਵਾਂ ਪੈਦਾ ਹੋਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਮੌਜੂਦਾ ਕਾਰਵਾਈ ਵੀ ਰਾਖਵਾਂਕਰਨ ਦੀ ਵਿਵਸਥਾ ਨੂੰ ਕਮਜ਼ੋਰ ਕਰਨ ਵੱਲ ਇਸ਼ਾਰਾ ਕਰਦੀ ਹੈ। ਟੀਨਾ ਚੌਧਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿੱਚ ਨਿਯੁਕਤੀਆਂ ਲਈ ਰਾਖਵਾਂਕਰਨ ਦੇ ਨਿਯਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਐੱਸਸੀ, ਐੱਸਟੀ ਤੇ ਓਬੀਸੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਵੇ।