- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ’ਤੇ ਵਰ੍ਹੇ ਅਮਿਤ ਵਿਜ, ਕਿਹਾ ਪੰਜਾਬ ਦੇ ਹਿੱਤਾਂ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ਦਾ ਦੇਣ ਜਵਾਬ

-ਕਿਹਾ, ਪੰਜਾਬ ਦੇ ਹਿੱਤਾਂ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਸਵਾਲਾਂ ਦਾ ਦੇਣ ਜਵਾਬ
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਨ੍ਹਾਂ ਮੁੱਦਿਆਂ ਕਾਰਨ ਦੋਵਾਂ ਪਾਰਟੀਆਂ ਦਾ ਗੱਠਜੋੜ ਟੁੱਟਿਆ ਸੀ, ਕੀ ਹੁਣ ਉਨ੍ਹਾਂ ਦਾ ਕੋਈ ਹੱਲ ਹੋ ਗਿਆ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ, ਕਿਸਾਨਾਂ ਦੇ ਹੱਕ ਅਤੇ ਵਪਾਰੀਆਂ ਦੀ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਅਮਿਤ ਵਿਜ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਫੈਲੇ ਜਾਲ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਸਵਾਲ ਅੱਜ ਵੀ ਜਵਾਬ ਮੰਗਦੇ ਹਨ। ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਗੈਂਗਸਟਰਵਾਦ, ਫਿਰੌਤੀਆਂ ਅਤੇ ਧਮਕੀਆਂ ਕਾਰਨ ਵਪਾਰੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।
ਉਨ੍ਹਾਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਿਆਂ ਨਾਲ ਸਬੰਧਿਤ ਮਾਮਲਿਆਂ, ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਬਾਰੇ ਅੰਤਿਮ ਫ਼ੈਸਲਾ ਅਦਾਲਤ ਨੇ ਕਰਨਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਪੁੱਛਿਆ ਕਿ ਨਸ਼ਿਆਂ ਅਤੇ ਗੈਂਗਸਟਰਾਂ ਦੇ ਜਾਲ ਨੂੰ ਤੋੜਨ ਲਈ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਗਏ ਹਨ।
ਅਮਿਤ ਵਿਜ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ਜ਼ਿਕਰ ਕਰਦਿਆਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਉਨ੍ਹਾਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ, ਬੀਬੀਐੱਮਬੀ ਵਿੱਚ ਸੂਬੇ ਦੀ ਨੁਮਾਇੰਦਗੀ, ਦਰਿਆਈ ਪਾਣੀਆਂ ਦੇ ਅਧਿਕਾਰ ਅਤੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਢੁੱਕਵੀਂ ਆਰਥਿਕ ਸਹਾਇਤਾ ਦੇ ਮੁੱਦੇ ਵੀ ਉਠਾਏ।
ਉਨ੍ਹਾਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੇ ਲਗਭਗ 13 ਸਾਲਾਂ ਦੇ ਕਾਰਜਕਾਲ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਵਪਾਰ ਵਿੱਚ ਆ ਰਹੀ ਗਿਰਾਵਟ, ਪੇਪਰ ਲੀਕ, ਚੰਦੇ ਅਤੇ ਵੋਟਾਂ ਨਾਲ ਜੁੜੇ ਵਿਵਾਦਾਂ ਸਮੇਤ ਸਰਹੱਦੀ ਸੁਰੱਖਿਆ ਦੇ ਮੁੱਦਿਆਂ ’ਤੇ ਵੀ ਜਵਾਬਦੇਹੀ ਤੈਅ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਸਾਰੀਆਂ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।