- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਤਰੀ ਕਟਾਰੂਚੱਕ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ ਕਟਾਰੂਚੱਕ ਸਥਿਤ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਆਸ਼ਾ ਰਾਣੀ ਸੜੋਆ ਨੇ ਕੀਤੀ। ਇਸ ਮੌਕੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।
ਹਰਗੋਬਿੰਦ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਇਹ ਮੰਗ ਪੂਰੀ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਮਿਲ ਰਿਹਾ। ਉਨ੍ਹਾਂ ਆਂਗਣਵਾੜੀ ਕੇਂਦਰਾਂ ਵਿੱਚ ਆ ਰਹੇ ਰਾਸ਼ਨ ਦੀ ਕਥਿਤ ਘਟੀਆ ਗੁਣਵੱਤਾ ’ਤੇ ਵੀ ਸਵਾਲ ਚੁੱਕਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲ ਕੀਤੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ‘ਮਾਵਾਂ-ਧੀਆਂ’ ਸਕੀਮ ਤਹਿਤ ਵਰਕਰਾਂ ਨੂੰ ਕੀਤੇ ਜਾ ਰਹੇ ਭੁਗਤਾਨ ਸਬੰਧੀ ਵੀ ਇਤਰਾਜ਼ ਜਤਾਇਆ।
ਇਸ ਮੌਕੇ ਨਿਰਮਲ ਕੌਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਹਰਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਇੰਦਰਜੀਤ ਕੌਰ ਬਟਾਲਾ, ਰਣਜੀਤ ਕੌਰ ਬਟਾਲਾ, ਸੁਖਵਰਸ਼ਾ ਰਾਣੀ ਭੁੰਗਾ, ਸਰਬਜੀਤ ਕੌਰ ਦਸੂਹਾ, ਬਲਵਿੰਦਰ ਕੌਰ ਦਸੂਹਾ, ਨਰੇਸ਼ ਕੁਮਾਰੀ ਨਰੋਟ, ਸਨੀਤਾ ਦੇਵੀ ਬਮਿਆਲ, ਸਰਬਜੀਤ ਕੌਰ ਸ੍ਰੀ ਹਰਗੋਬਿੰਦਪੁਰ ਅਤੇ ਜਸਬੀਰ ਕੌਰ ਡੇਰਾ ਬਾਬਾ ਨਾਨਕ ਸਮੇਤ ਹੋਰ ਆਗੂ ਹਾਜ਼ਰ ਸਨ।