ਲੀਡ)----ਰੋਡਵੇਜ਼ ਕਾਮਿਆਂ ਵੱਲੋਂ ਅੱਜ ਤੋਂ ਚੱਕਾ ਜਾਮ ਕਰਨ ਦਾ ਐਲਾਨ 3 ਤੋਂ 5 ਅਗਸਤ ਤੱਕ ਰੋਡਵੇਜ਼ ਦਾ ਚੱਕਾ ਜਾਮ ਕਰਨ ਦਾ ਐਲਾਨ
Publish Date: Sun, 02 Aug 2026 07:42 PM (IST)
Updated Date: Mon, 03 Aug 2026 04:08 AM (IST)
ਫੋਟੋ : ਪਠਾਨਕੋਟ ਡਿਪੂ ਵਿਖੇ ਗੇਟ ਰੈਲੀ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਅਤੇ ਮੁਲਾਜ਼ਮ। * ਪਠਾਨਕੋਟ ਡਿਪੂ ’ਚ ਗੇਟ ਰੈਲੀ ਕਰ ਕੇ ਕੀਤੀ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਨੇ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਲਈ ਸੂਬਾ ਪੱਧਰੀ ਹੜਤਾਲ ਕਰਕੇ ਰੋਡਵੇਜ਼ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਸੂਬੇ ਦੇ ਸਾਰੇ 27 ਰੋਡਵੇਜ਼ ਡਿਪੂਆਂ ਵਿੱਚ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਪਠਾਨਕੋਟ ਡਿਪੂ ਵਿਖੇ ਯੂਨਿਟ ਪ੍ਰਧਾਨ ਜੋਗਿੰਦਰ ਲਵਲੀ ਦੀ ਪ੍ਰਧਾਨਗੀ ਹੇਠ ਹੋਈ ਗੇਟ ਰੈਲੀ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਨਾ ਮੰਨਿਆ ਤਾਂ ਮਾਨਸੂਨ ਸੈਸ਼ਨ ਦੌਰਾਨ ਮੁਲਾਜ਼ਮ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਵੀ ਕੀਤਾ ਜਾਵੇਗਾ। ਯੂਨੀਅਨ ਪ੍ਰਧਾਨ ਜੋਗਿੰਦਰ ਲਵਲੀ ਤੇ ਸੰਯੁਕਤ ਸਕੱਤਰ ਵਿਜੈ ਕੁਮਾਰ ਨੇ ਦੋਸ਼ ਲਗਾਇਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਕਰੀਬ 70 ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ ਤੇ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਰੋਡਵੇਜ਼ ਦੇ ਬੇੜੇ ਦੀਆਂ ਲਗਭਗ 800 ਬੱਸਾਂ ਕਬਾੜ ਹੋ ਚੁੱਕੀਆਂ ਹਨ, ਪਰ ਉਨ੍ਹਾਂ ਦੀ ਥਾਂ ਨਵੀਆਂ ਬੱਸਾਂ ਨਹੀਂ ਖਰੀਦੀਆਂ ਗਈਆਂ। ਇਸ ਤੋਂ ਇਲਾਵਾ ਵਿਭਾਗ ਦੀਆਂ ਕਈ ਬੱਸਾਂ ਸਪੇਅਰ ਪਾਰਟਸ ਦੀ ਘਾਟ ਕਾਰਨ ਖੜ੍ਹੀਆਂ ਹਨ, ਜਦਕਿ ਕਿਲੋਮੀਟਰ ਸਕੀਮ ਅਧੀਨ ਚੱਲ ਰਹੀਆਂ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਡਿਪੂ ਸਰਪ੍ਰਸਤ ਦਵਿੰਦਰ ਸਿੰਘ ਲਾਲੀ ਨੇ ਦੋਸ਼ ਲਾਇਆ ਕਿ ਵਿਭਾਗ ਦੇ ਅਹਿਮ ਅਹੁਦਿਆਂ ਤੇ ਜੂਨੀਅਰ ਅਧਿਕਾਰੀਆਂ ਦੀ ਤਾਇਨਾਤੀ ਕਾਰਨ ਫ਼ੈਸਲੇ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਭਰਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਜਾਣਬੁੱਝ ਕੇ ਵਿਭਾਗ ਦੀਆਂ 400 ਸਧਾਰਨ ਅਤੇ 35 ਵੋਲਵੋ ਬੱਸਾਂ ਨੂੰ ਟਾਇਰਾਂ ਅਤੇ ਬੈਟਰੀਆਂ ਦੀ ਘਾਟ ਦਾ ਹਵਾਲਾ ਦੇ ਕੇ ਖੜ੍ਹਾ ਰੱਖਿਆ ਗਿਆ ਹੈ ਤਾਂ ਜੋ ਕਿਲੋਮੀਟਰ ਸਕੀਮ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਰੂਟ ਦਿੱਤੇ ਜਾ ਸਕਣ। ਯੂਨੀਅਨ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ 24 ਜੂਨ ਦੀ ਮੀਟਿੰਗ ਵਿੱਚ ਸਰਕਾਰ ਨੇ ਡਰਾਫਟ ਤਿਆਰ ਕਰਨ ਲਈ 10 ਦਿਨਾਂ ਦਾ ਸਮਾਂ ਮੰਗਿਆ ਸੀ, ਪਰ ਨਿਰਧਾਰਤ ਸਮਾਂ ਲੰਘ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਅਤੇ ਹੜਤਾਲ ਦਾ ਫ਼ੈਸਲਾ ਲੈਣਾ ਪਿਆ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ 3 ਤੋਂ 5 ਅਗਸਤ ਤੱਕ ਸੂਬਾ ਪੱਧਰੀ ਹੜਤਾਲ ਦੌਰਾਨ ਆਵਾਜਾਈ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। ਇਸ ਦੌਰਾਨ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਨਿਵਾਸ ਅੱਗੇ ਧਰਨਾ ਵੀ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਜਾਵੇਗਾ।