ਸੁਰਿੰਦਰ ਮਹਾਜਨ, ਪਠਾਨਕੋਟ : ਕੋਰੋਨਾ ਵਾਇਰਸ ਦੇ ਫੈਲਣ ਕਾਰਨ ਦੇਸ਼ ਦੇ ਗਰੀਬ ਤੇ ਲੋੜਵੰਦ ਲੋਕਾਂ ਦੀਆਂ ਆਰਥਿਕ ਰੁਕਾਵਟਾਂ ਨੂੰ ਸਮਝਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੰਬਰ ਤਕ ਦੇਸ਼ ਦੇ 80 ਕਰੋੜ ਲੋੜਵੰਦ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ, ਇਹ ਇਕ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਸ਼ਬਦਾਂ ਨਾਲ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਵਿਸਥਾਰ ਦੀ ਸ਼ਲਾਘਾ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਵਿਸ਼ਵ ਦੀ ਇਸ ਸਭ ਤੋਂ ਵੱਡੀ ਖੁਰਾਕ ਯੋਜਨਾ ਦੀ ਸਮੁੱਚੀ ਦੁਨੀਆ ਪ੍ਰਸ਼ੰਸਾ ਕਰ ਰਹੀ ਹੈ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਦੇ ਵਿਸਥਾਰ 'ਤੇ 90 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ ਅਤੇ ਇਸ ਦਾ ਸਭ ਤੋਂ ਵੱਧ ਫਾਇਦਾ ਉਨ੍ਹਾਂ ਗਰੀਬ ਲੋਕਾਂ ਨੂੰ ਹੋਵੇਗਾ ਜਿਹੜੇ ਆਪਣੇ ਪਿੰਡ ਜਾਂ ਸ਼ਹਿਰ ਨੂੰ ਰੁਜ਼ਗਾਰ ਜਾਂ ਹੋਰ ਜ਼ਰੂਰਤਾਂ ਲਈ ਛੱਡ ਕੇ ਜਾਂਦੇ ਹਨ। ਮੋਦੀ ਸਰਕਾਰ ਦੀ ਇਸ ਯੋਜਨਾ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਕਿਸੇ ਨੂੰ ਵੀ ਨਵਾਂ ਰਾਸ਼ਨ ਕਾਰਡ ਲੈਣ ਦੀ ਜ਼ਰੂਰਤ ਨਹੀਂ ਪਵੇਗੀ, ਯਾਨੀ ਪੁਰਾਣਾ ਰਾਸ਼ਨ ਕਾਰਡ ‘ਇਕ ਦੇਸ਼, ਇਕ ਰਾਸ਼ਨ ਕਾਰਡ' ਸਕੀਮ ਤਹਿਤ ਹਰ ਜਗ੍ਹਾ ਚੱਲਦਾ ਰਹੇਗਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 80 ਕਰੋੜ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਖੁਰਾਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਦੇਸ਼ ਵਿਚ ਤਾਲਾਬੰਦੀ ਦੌਰਾਨ ਗਰੀਬ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ਼ਰੀਬਾਂ ਲਈ ਮੁਫਤ ਰਾਸ਼ਨ ਦੀ ਇਸ ਯੋਜਨਾ ਨੂੰ ਨਵੰਬਰ ਤਕ ਵਧਾ ਦਿੱਤਾ ਹੈ। ਇਸ ਯੋਜਨਾ ਤਹਿਤ ਗਰੀਬਾਂ ਨੂੰ ਪੰਜ ਕਿੱਲੋ ਮੁਫਤ ਕਣਕ ਜਾਂ ਚਾਵਲ ਤੇ ਇਕ ਕਿੱਲੋ ਛੋਲੇ ਦਿੱਤੇ ਜਾਣਗੇ।

Posted By: Seema Anand