- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਭਵਿੱਖ ਦੀ ਰੂਪ-ਰੇਖਾ ਲੋਕਾਂ ਦੇ ਸੁਝਾਵਾਂ ਨਾਲ ਤਿਆਰ ਕਰੇਗੀ ਭਾਜਪਾ : ਅਵਿਨਾਸ਼ ਰਾਏ ਖੰਨਾ

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੀ ਸੰਕਲਪ ਪੱਤਰ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਪਠਾਨਕੋਟ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚੋਂ 850 ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ। ਪਾਰਟੀ ਦਾ ਉਦੇਸ਼ ਲੋਕਾਂ ਦੀ ਰਾਇ ਨਾਲ ਪੰਜਾਬ ਦੇ ਭਵਿੱਖ ਦੀ ਰੂਪ-ਰੇਖਾ ਤਿਆਰ ਕਰਨਾ ਹੈ।
ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਪ੍ਰੈੱਸ ਕਾਨਫ਼ਰੰਸ ਵਿੱਚ ਖੰਨਾ ਨੇ ਦੱਸਿਆ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਔਰਤਾਂ ਸਮੇਤ ਹਰ ਵਰਗ ਤੋਂ ਸੁਝਾਅ ਲਏ ਜਾ ਰਹੇ ਹਨ। ਵ੍ਹਟਸਐਪ, ਟੋਲ ਫ੍ਰੀ ਨੰਬਰ ਤੇ ਆਨਲਾਈਨ ਲਿੰਕ ਦੀ ਸਹੂਲਤ ਵੀ ਦਿੱਤੀ ਹੈ। ਉਨ੍ਹਾਂ ਪੰਜਾਬ ਸਿਰ ਚੜ੍ਹੇ ਕਰੀਬ ਪੰਜ ਲੱਖ ਕਰੋੜ ਰੁਪਏ ਦੇ ਕਰਜ਼ੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕੇਂਦਰੀ ਯੋਜਨਾਵਾਂ ਲਾਗੂ ਨਾ ਕਰਨ ਦੇ ਦੋਸ਼ ਵੀ ਲਾਏ। ਪਠਾਨਕੋਟ ਵਿੱਚ ਹੜ੍ਹਾਂ ਲਈ ਉਨ੍ਹਾਂ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਭਾਜਪਾ ਸਰਕਾਰ ਬਣਨ ’ਤੇ ਖਣਨ ਸਬੰਧੀ ਸਪੱਸ਼ਟ ਨੀਤੀ ਬਣਾਈ ਜਾਵੇਗੀ। ਅਕਾਲੀ-ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਨਗੀਆਂ ਅਤੇ ਕਿਸੇ ਤੀਜੇ ਸਿਆਸੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਦੋਵੇਂ ਪਾਰਟੀਆਂ ਆਪਣੇ-ਆਪਣੇ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਬਾਅਦ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਸਰਕਾਰ ਚਲਾਉਣ ਦੀ ਰੂਪ-ਰੇਖਾ ਉਲੀਕਣਗੀਆਂ। ਇਸ ਮੌਕੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਸ਼ਰਮਿੰਦਰ ਸ਼ਰਮਾ, ਮੋਹਨ ਲਾਲ ਸਮਿਆਲ ਤੇ ਰਿਸ਼ੀ ਪਠਾਨੀਆ ਨੂੰ ਸੰਕਲਪ ਪੱਤਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ, ਮੀਨਾ ਤਰਨਾਜ਼, ਜ਼ਿਲ੍ਹਾ ਜਨਰਲ ਸਕੱਤਰ ਵਿਨੋਦ ਧੀਮਾਨ, ਰਾਜਕੁਮਾਰ ਗੁਪਤਾ, ਦਿਨੇਸ਼ ਸਿੰਘ ਬੱਬੂ ਸਾਬਕਾ ਡਿਪਟੀ ਸਪੀਕਰ, ਸਾਬਕਾ ਵਿਧਾਇਕਾ ਸੀਮਾ ਦੇਵੀ, ਸਮਰਿੰਦਰ ਸ਼ਰਮਾ, ਮੋਹਨ ਸਮਿਆਲ, ਜਗਦੀਸ਼ ਸੈਣੀ, ਵਿੱਕੀ ਵਰਮਾ, ਵਿਸ਼ਾਲ ਮਹਾਜਨ ਤੇ ਮਨੋਹਰ ਲਾਲ ਸਮੇਤ ਹੋਰ ਆਗੂ ਤੇ ਵਰਕਰਜ਼ ਹਾਜ਼ਰ ਸਨ।