ਭਾਜਯੁਮੋ ਵੱਲੋਂ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਪੁਤਲਾ ਫੂਕਿਆ ਪੀਸੀਐੱਸ ਪ੍ਰੀਖਿਆ ’ਚ ਕਥਿਤ ਧਾਂਦਲੀ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 13 Nov 2026 06:36 PM (IST)
Updated Date: Sat, 14 Nov 2026 04:04 AM (IST)
ਫੋਟੋ : ਵਾਲਮੀਕਿ ਚੌਕ ਪਠਾਨਕੋਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦੀਕਸ਼ਿਤ ਠਾਕੁਰ, ਸੀਨੀਅਰ ਭਾਜਪਾ ਆਗੂ ਰਾਕੇਸ਼ ਕੁਮਾਰ, ਨੀਤਨ ਮਹਾਜਨ, ਨਿਪੂਨ ਮਹਾਜਨ ਅਤੇ ਹੋਰ ਆਗੂ ਤੇ ਵਰਕਰ। * ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ * ਪੀਸੀਐੱਸ ਪ੍ਰੀਖਿਆ ’ਚ ਕਥਿਤ ਧਾਂਦਲੀ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ’ਚ ਨੌਜਵਾਨਾਂ ਦੇ ਭਵਿੱਖ ਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਿਆਸੀ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪੀਸੀਐੱਸ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਦੇ ਵਿਰੋਧ ’ਚ ਵਾਲਮੀਕਿ ਚੌਕ ਪਠਾਨਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਦੀਕਸ਼ਿਤ ਠਾਕੁਰ ਦੀ ਪ੍ਰਧਾਨਗੀ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸਮੁੱਚੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੀਸੀਐੱਸ ਪ੍ਰੀਖਿਆ ਦੀ ਚੋਣ ਪ੍ਰਕਿਰਿਆ ਦੌਰਾਨ ਕਈ ਗੰਭੀਰ ਬੇਨਿਯਮੀਆਂ ਹੋਣ ਦੇ ਸ਼ੱਕ ਪੈਦਾ ਹੋਏ ਹਨ। ਉਨ੍ਹਾਂ ਕੁਝ ਪ੍ਰੀਖਿਆ ਕੇਂਦਰਾਂ ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਚਾਰ ਕੇਂਦਰਾਂ ਵਿੱਚ ਕਈ ਉਮੀਦਵਾਰਾਂ ਦੀ ਲਗਾਤਾਰ ਚੋਣ ਹੋਣ ਦੇ ਮਾਮਲੇ ਜਾਂਚ ਦੇ ਘੇਰੇ ਵਿੱਚ ਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੋਸ਼ਾਂ ਵਿੱਚ ਸੱਚਾਈ ਹੈ ਤਾਂ ਇਹ ਉਨ੍ਹਾਂ ਮਿਹਨਤੀ ਨੌਜਵਾਨਾਂ ਨਾਲ ਵੱਡਾ ਅਨਿਆਂ ਹੈ, ਜਿਹੜੇ ਸਾਲਾਂਬੱਧੀ ਤਿਆਰੀ ਕਰਨ ਦੇ ਬਾਵਜੂਦ ਨੌਕਰੀਆਂ ਤੋਂ ਵਾਂਝੇ ਰਹਿ ਜਾਂਦੇ ਹਨ। ਸੀਨੀਅਰ ਭਾਜਪਾ ਆਗੂ ਰਾਕੇਸ਼ ਕੁਮਾਰ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਮੁੱਦੇ ਉਠਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੀ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰੀਖਿਆ ਨਾਲ ਸਬੰਧਿਤ ਸਾਰੇ ਤੱਥਾਂ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਮੌਕੇ ਨੀਤਨ ਮਹਾਜਨ, ਨਿਪੁੰਨ ਮਹਾਜਨ ਯੁਵਾ ਮੋਰਚਾ ਦੇ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।