- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਠਾਨਕੋਟ ਦੇ ਇੰਦਰਾ ਕਾਲੋਨੀ ਵਾਸੀ ਅਤੇ ਪੰਜਾਬ ਪੁਲਿਸ ਵਿੱਚ ਤਾਇਨਾਤ 22 ਸਾਲਾ ਕਾਂਸਟੇਬਲ ਯੁਵਰਾਜ ਦੇ ਰਹੱਸਮਈ ਢੰਗ ਨਾਲ ਲਾਪਤਾ ਹੋ ਜਾਣ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਯੁਵਰਾਜ ਦੀ ਥਾਰ ਗੱਡੀ ਯੂਬੀਡੀਸੀ ਨਹਿਰ ਦੇ ਧੀਰਾ ਪੁਲ ਨੇੜੇ ਲਾਵਾਰਿਸ ਹਾਲਤ ਵਿੱਚ ਖੜ੍ਹੀ ਮਿਲਣ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪਠਾਨਕੋਟ ਦੇ ਇੰਦਰਾ ਕਾਲੋਨੀ ਵਾਸੀ ਅਤੇ ਪੰਜਾਬ ਪੁਲਿਸ ਵਿੱਚ ਤਾਇਨਾਤ 22 ਸਾਲਾ ਕਾਂਸਟੇਬਲ ਯੁਵਰਾਜ ਦੇ ਰਹੱਸਮਈ ਢੰਗ ਨਾਲ ਲਾਪਤਾ ਹੋ ਜਾਣ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਯੁਵਰਾਜ ਦੀ ਥਾਰ ਗੱਡੀ ਯੂਬੀਡੀਸੀ ਨਹਿਰ ਦੇ ਧੀਰਾ ਪੁਲ ਨੇੜੇ ਲਾਵਾਰਿਸ ਹਾਲਤ ਵਿੱਚ ਖੜ੍ਹੀ ਮਿਲਣ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ। ਪੁਲਿਸ, ਐੱਸਡੀਆਰਐੱਫ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ, ਪਰ ਖ਼ਬਰ ਲਿਖੇ ਜਾਣ ਤੱਕ ਯੁਵਰਾਜ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।
ਜਾਣਕਾਰੀ ਅਨੁਸਾਰ ਯੁਵਰਾਜ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਸੇਵਾ ਨਿਭਾ ਰਿਹਾ ਹੈ ਅਤੇ ਇਸ ਸਮੇਂ ਉਸ ਦੀ ਡਿਊਟੀ ਗੁਰਦਾਸਪੁਰ ਵਿਖੇ ਲੱਗੀ ਹੋਈ ਹੈ। ਯੁਵਰਾਜ ਦੇ ਭਰਾ ਨਿਤਿਨ ਨੇ ਦੱਸਿਆ ਕਿ 11 ਜੂਨ ਨੂੰ ਉਹ ਘਰ ਤੋਂ ਬਿਨਾਂ ਕਿਸੇ ਨੂੰ ਦੱਸੇ ਨਿਕਲਿਆ ਸੀ, ਪਰ ਉਸ ਤੋਂ ਬਾਅਦ ਵਾਪਸ ਨਹੀਂ ਪਰਤਿਆ। ਪਰਿਵਾਰ ਵੱਲੋਂ ਉਸ ਦੀ ਆਪਣੇ ਪੱਧਰ 'ਤੇ ਭਾਲ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇੱਕ ਵਿਅਕਤੀ ਦਾ ਫੋਨ ਆਇਆ, ਜਿਸ ਨੇ ਜਾਣਕਾਰੀ ਦਿੱਤੀ ਕਿ ਯੁਵਰਾਜ ਦੀ ਥਾਰ ਗੱਡੀ ਧੀਰਾ ਪੁਲ ਨੇੜੇ ਨਹਿਰ ਕਿਨਾਰੇ ਖੜ੍ਹੀ ਹੈ।
ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਥਾਣੇ ਵਿੱਚ ਖੜ੍ਹਾ ਕਰ ਦਿੱਤਾ। ਇਸ ਦੇ ਨਾਲ ਹੀ ਯੁਵਰਾਜ ਦਾ ਮੋਬਾਈਲ ਫੋਨ ਵੀ ਪਿਛਲੇ ਦੋ ਦਿਨਾਂ ਤੋਂ ਬੰਦ ਆ ਰਿਹਾ ਹੈ, ਜਿਸ ਕਾਰਨ ਪਰਿਵਾਰ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ।
ਯੁਵਰਾਜ ਦੇ ਮਿੱਤਰ ਜਤਿਨ ਨੇ ਦੱਸਿਆ ਕਿ ਮੁਹੱਲੇ ਦੇ ਲੋਕ ਵੀ ਉਸ ਦੀ ਭਾਲ ਲਈ ਹਰ ਸੰਭਵ ਯਤਨ ਕਰ ਰਹੇ ਹਨ। ਐੱਸਡੀਆਰਐੱਫ ਅਤੇ ਗੋਤਾਖੋਰਾਂ ਦੀਆਂ ਟੀਮਾਂ ਵੱਲੋਂ ਯੂਬੀਡੀਸੀ ਨਹਿਰ ਵਿੱਚ ਧੀਰਾ ਤੋਂ ਮਾਜਰਾ ਤੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ ਹੈ, ਪਰ ਅਜੇ ਤੱਕ ਕੋਈ ਸਫ਼ਲਤਾ ਹਾਸਲ ਨਹੀਂ ਹੋਈ।
ਦੱਸਣਯੋਗ ਹੈ ਕਿ ਯੁਵਰਾਜ ਦੇ ਪਿਤਾ ਵੀ ਪੰਜਾਬ ਪੁਲਿਸ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਚਾਰ ਸਾਲ ਪਹਿਲਾਂ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਯੁਵਰਾਜ ਨੂੰ ਤਰਸ ਦੇ ਆਧਾਰ 'ਤੇ ਸਾਲ 2024 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਮਿਲੀ ਸੀ। ਗੁਰਦਾਸਪੁਰ ਵਿਖੇ ਉਸ ਦੀ ਇਹ ਪਹਿਲੀ ਤਾਇਨਾਤੀ ਸੀ।
ਉਧਰ, ਡੀਐੱਸਪੀ ਸੰਜੀਵ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਪਤਾ ਕਾਂਸਟੇਬਲ ਦੀ ਭਾਲ ਲਈ ਸਾਰੇ ਸੰਭਵ ਯਤਨ ਜਾਰੀ ਹਨ ਅਤੇ ਪੁਲਿਸ ਵੱਲੋਂ ਪਰਿਵਾਰ ਦੇ ਸੰਪਰਕ ਵਿੱਚ ਰਹਿੰਦਿਆਂ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।