- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਅਗਲੀ ਕਿਸ਼ਤ ਦੀ ਰਕਮ ਭੇਜਣ ਦੀ ਸ਼ੁਰੂਆਤ 1 ਅਗਸਤ ਤੋਂ ਹੋਵੇਗੀ। ਇਸ ਦੀ ਰਾਜ ਪੱਧਰੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਦੇ ਦ ਵਾਈਟ ਮੈਡੀਕਲ ਕਾਲਜ ਵਿੱਚ ਆਯੋਜਿਤ ਸਮਾਗਮ ਦੌਰਾਨ ਕਰਨਗੇ।

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਅਗਲੀ ਕਿਸ਼ਤ ਦੀ ਰਕਮ ਭੇਜਣ ਦੀ ਸ਼ੁਰੂਆਤ 1 ਅਗਸਤ ਤੋਂ ਹੋਵੇਗੀ। ਇਸ ਦੀ ਰਾਜ ਪੱਧਰੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਠਾਨਕੋਟ ਦੇ ਦ ਵਾਈਟ ਮੈਡੀਕਲ ਕਾਲਜ ਵਿੱਚ ਆਯੋਜਿਤ ਸਮਾਗਮ ਦੌਰਾਨ ਕਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪਿਛਲੇ ਕਰੀਬ ਪੰਦਰਾਂ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਲਗਾਤਾਰ ਰੁੱਝੇ ਹੋਏ ਹਨ। ਸਮਾਗਮ ਵਿੱਚ ਸ਼ਮੂਲੀਅਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੀ ਪਠਾਨਕੋਟ ਦੇ ਧਾਰ ਬਲਾਕ ਪਹੁੰਚ ਗਏ, ਜਿੱਥੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਸਵਰਨ ਸਲਾਰੀਆ ਅਤੇ ਹੋਰ ਪਾਰਟੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਸਰਕਾਰ ਅਨੁਸਾਰ 1 ਅਗਸਤ ਤੋਂ ਕਰੀਬ 40 ਲੱਖ ਮਹਿਲਾਵਾਂ ਦੇ ਮੋਬਾਈਲਾਂ 'ਤੇ ਰਕਮ ਜਮ੍ਹਾਂ ਹੋਣ ਦੇ ਸੁਨੇਹੇ ਆਉਣੇ ਸ਼ੁਰੂ ਹੋ ਜਾਣਗੇ। ਜਿਨ੍ਹਾਂ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਬਾਅਦ ਵਿੱਚ ਹੋਈ ਸੀ, ਉਨ੍ਹਾਂ ਦੇ ਖਾਤਿਆਂ ਵਿੱਚ ਵੀ ਰਕਮ ਜਾਰੀ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲਾਂ ਹੀ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਕਿਸ਼ਤਾਂ ਰਾਹੀਂ 4,500 ਰੁਪਏ ਅਤੇ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ 3,000 ਰੁਪਏ ਦੀ ਸਹਾਇਤਾ ਰਕਮ ਦਿੱਤੀ ਜਾ ਚੁੱਕੀ ਹੈ।
ਇਸੇ ਸਬੰਧੀ ਸ਼ਹਿਰ ਦੇ ਸੈਲੀ ਰੋਡ ਸਥਿਤ ਹਲਕਾ ਇੰਚਾਰਜ ਰੋਹਿਤ ਸਿਆਲ ਦੇ ਦਫ਼ਤਰ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰੈਸ ਕਾਨਫ਼ਰੰਸ ਕਰਕੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਪ੍ਰਾਪਤ ਹੋਣ ਵਾਲੀ ਰਕਮ ਨੂੰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਸਮਾਜਿਕ ਭਲਾਈ ਦੀਆਂ ਯੋਜਨਾਵਾਂ 'ਤੇ ਖਰਚ ਕੀਤਾ ਜਾ ਰਿਹਾ ਹੈ।
ਸਰਕਾਰ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ (ਡਾਇਰੈਕਟ ਬੈਨਿਫਿਟ ਟ੍ਰਾਂਸਫਰ) ਰਾਹੀਂ ਲਗਭਗ 33 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ 1,149 ਕਰੋੜ ਰੁਪਏ ਸਿੱਧੇ ਭੇਜੇ ਜਾ ਚੁੱਕੇ ਹਨ। 70 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦਰਿਤ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚ ਸ਼ਾਮਲ ਹੋ ਚੁੱਕੀ ਹੈ।