- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਛਾਣ ਹੀ ਆਪਣੇ ਵਾਅਦੇ ਨਿਭਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਹੋਣ ਜਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਵਜੋਂ ਕੀਤੇ ਐਲਾਨ, ਸਰਕਾਰ ਨੇ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ।

ਆਰ.ਸਿੰਘ, ਪੰਜਾਬੀ ਜਾਗਰਣ, ਧਾਰਕਲਾਂ/ਪਠਾਨਕੋਟ : ਪੰਜਾਬ ਸਰਕਾਰ ਵੱਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਸੂਬੇ ਦੀਆਂ ਕਰੀਬ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ 'ਚ ਵਿੱਤੀ ਸਹਾਇਤਾ ਦੀ ਰਾਸ਼ੀ ਜਮ੍ਹਾਂ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਧਾਰਕਲਾਂ ਸਥਿਤ ਵਾਈਟ ਹਾਊਸ ਹਸਪਤਾਲ ਦੇ ਮੈਦਾਨ 'ਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਜਨਾ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇਕ-ਇੱਕ ਕਰ ਕੇ ਪੂਰਾ ਕੀਤਾ ਹੈ ਤੇ ਮਹਿਲਾ ਸਸ਼ਕਤੀਕਰਨ ਲਈ ਇਹ ਇਤਿਹਾਸਕ ਕਦਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਰਕਮ ਭਾਵੇਂ ਕਿਸੇ ਨੂੰ ਅਮੀਰ ਨਹੀਂ ਬਣਾਉਂਦੀ, ਪਰ ਹਰ ਮਹਿਲਾ ਨੂੰ ਆਰਥਿਕ ਤੌਰ 'ਤੇ ਆਤਮਨਿਰਭਰ ਬਣਾਉਣ ਵੱਲ ਇਹ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਦਾ ਆਪਣਾ ਹੱਕ ਹੈ, ਜਿਸ ਨਾਲ ਉਹ ਆਪਣੀਆਂ ਘਰੇਲੂ ਲੋੜਾਂ, ਬੱਚਿਆਂ ਦੀ ਸਿੱਖਿਆ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਰਸਮਾਂ ਨੂੰ ਬਿਨਾਂ ਕਿਸੇ ਉੱਤੇ ਨਿਰਭਰ ਹੋਏ ਪੂਰਾ ਕਰ ਸਕਣਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਛਾਣ ਹੀ ਆਪਣੇ ਵਾਅਦੇ ਨਿਭਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਹੋਣ ਜਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਵਜੋਂ ਕੀਤੇ ਐਲਾਨ, ਸਰਕਾਰ ਨੇ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਉਹੀ ਵਾਅਦਾ ਕਰਦੀ ਹੈ, ਜਿਸ ਨੂੰ ਪੂਰਾ ਕਰਨ ਦਾ ਦਮ ਰੱਖਦੀ ਹੈ ਅਤੇ ਜੋ ਵਾਅਦਾ ਕਰ ਦਿੰਦੀ ਹੈ, ਉਸ ਨੂੰ ਹਰ ਹਾਲਤ ਵਿੱਚ ਨਿਭਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 32 ਲੱਖ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਮਿਲਿਆ ਸੀ, ਜਦਕਿ ਹੁਣ ਇਹ ਗਿਣਤੀ ਵੱਧ ਕੇ 40 ਲੱਖ ਹੋ ਗਈ ਹੈ। ਜਿਨ੍ਹਾਂ ਮਹਿਲਾਵਾਂ ਨੇ ਬਾਅਦ ਵਿੱਚ ਅਰਜ਼ੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਮਿਲੇਗੀ । ਕਿਸੇ ਵੀ ਲਾਭਪਾਤਰੀ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਸਹਾਇਤਾ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਦੇ ਨਾਲ-ਨਾਲ ਪਰਿਵਾਰਾਂ ਦੀ ਭਲਾਈ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।
ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਬਟਾਲਾ ਦੇ ਵਿਧਾਇਕ ਸੈਰੀ ਕਲਸੀ, ਸੁਜਾਨਪੁਰ ਇੰਚਾਰਜ ਸਵਰਨ ਸਲਾਰੀਆ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ, ਪਠਾਨਕੋਟ ਇੰਚਾਰਜ ਰੋਹਿਤ ਸਿਆਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।