ਸਪੈਸ਼ਲ ਕੇਡਰ ਅਧਿਆਪਕਾਂ ਵੱਲੋਂ ਗ਼ੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ, 15 ਤੋਂ ਸੰਗਰੂਰ ਵਿਖੇ ਲੱਗੇਗਾ ਪੱਕਾ ਮੋਰਚਾ ਸਪੈਸ਼ਲ ਕੈਡਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ
Publish Date: Fri, 13 Nov 2026 05:50 PM (IST)
Updated Date: Sat, 14 Nov 2026 04:03 AM (IST)
ਫੋਟੋ : ਸਪੈਸ਼ਲ ਕੈਡਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਅਤੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਗੂ। ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਅਤੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਦੇ ਰੋਸ ਵਜੋਂ ਸਪੈਸ਼ਲ ਕੈਡਰ ਅਧਿਆਪਕਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕਰਵਾਏ ਜਾਂਦੇ ਸਮੂਹ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਤਰੀਕ ਤੋਂ ਸੰਗਰੂਰ ਵਿਖੇ ਵਿਸ਼ਾਲ ਇਕੱਠ ਕਰਕੇ ਰੈਲੀ ਕਰਨ ਅਤੇ ਪੱਕਾ ਮੋਰਚਾ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਮਨੀਸ਼ ਅਤੇ ਉਪ ਪ੍ਰਧਾਨ ਸ਼ਾਮ ਲਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮਸਲਿਆਂ ਦਾ ਹੱਲ ਨਾ ਹੋਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕ ਸਰਕਾਰ ਦੇ ਭਰੋਸਿਆਂ ਵਿੱਚ ਆਉਣ ਵਾਲੇ ਨਹੀਂ ਹਨ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਆਗੂਆਂ ਨੇ ਦੱਸਿਆ ਕਿ ਬਾਲ ਮੇਲੇ, ਆਨਲਾਈਨ ਕੰਮਾਂ ਸਮੇਤ ਹੋਰ ਸਾਰੇ ਗੈਰ-ਵਿੱਦਿਅਕ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ, ਤਾਂ ਜੋ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ 15 ਤਰੀਕ ਤੋਂ ਸੰਗਰੂਰ ਵਿਖੇ ਵੱਡੀ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਰੈਲੀ ਕਰਨਗੇ ਅਤੇ ਉੱਥੇ ਹੀ ਪੱਕਾ ਮੋਰਚਾ ਲਗਾ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਮੌਕੇ ਹਰਮੀਤ ਕੌਰ, ਅਜੇ ਕੁਮਾਰ, ਪਵਨਪ੍ਰੀਤ ਕੌਰ, ਅਰਪਣਾ ਦੇਵੀ, ਦੀਪਤੀ, ਉਜਵਲ ਮਹਾਜਨ, ਰਿੰਪੀ ਬਾਲਾ ਅਤੇ ਦੇਸਰਾਜ ਸਮੇਤ ਹੋਰ ਅਧਿਆਪਕ ਹਾਜ਼ਰ ਸਨ।