ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 63 ਫ਼ੀਸਦੀ ਮਹਿੰਗਾਈ ਭੱਤਾ ਦੇਣ ਦੀ ਮੰਗ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 63 ਫ਼ੀਸਦੀ ਮਹਿੰਗਾਈ ਭੱਤਾ ਦੇਣ ਦੀ ਮੰਗ
Publish Date: Sat, 07 Nov 2026 04:51 PM (IST)
Updated Date: Sun, 08 Nov 2026 04:03 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਸਬੰਧੀ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ, ਸਰਪ੍ਰਸਤ ਸਤੀਸ਼ ਸ਼ਰਮਾ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੀ ਡਬਲ ਬੈਂਚ ਦੇ ਫ਼ੈਸਲੇ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 63 ਫ਼ੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਇਸ ਸਮੇਂ 53 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਦਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ 63 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਕਈ ਪੈਨਸ਼ਨਰ ਪੇਅ ਕਮਿਸ਼ਨ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੀ ਉਡੀਕ ਕਰਦਿਆਂ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪੇਅ ਕਮਿਸ਼ਨ ਦਾ ਬਕਾਇਆ ਇਕਮੁਸ਼ਤ ਜਾਰੀ ਕੀਤਾ ਜਾਵੇ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 10 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਦੇਣ, ਆਊਟਸੋਰਸ ਮੁਲਾਜ਼ਮਾਂ ਨੂੰ 26 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦੇਣ ਅਤੇ ਉਨ੍ਹਾਂ ਲਈ ਨੀਤੀ ਬਣਾ ਕੇ ਰੈਗੂਲਰ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਸਾਂਝਾ ਮੰਚ ਪੰਜਾਬ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਯੂਨੀਅਨ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਨਿਰਮਲ ਸਿੰਘ, ਸੰਦੀਪ ਸਿੰਘ, ਨਰਿੰਦਰ ਸਿੰਘ, ਸਤਿੰਦਰ ਕੁਮਾਰ, ਪਿਆਰ ਸਿੰਘ, ਪਵਨ ਕੁਮਾਰ ਸਮੇਤ ਹੋਰ ਯੂਨੀਅਨ ਆਗੂ ਅਤੇ ਮੈਂਬਰ ਹਾਜ਼ਰ ਸਨ।