ਸੁਜਾਨਪੁਰ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, 5 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇਗੀ ਸੜਕ ਸੁਜਾਨਪੁਰ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, 5 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇਗੀ ਸੜਕ
Publish Date: Sat, 21 Nov 2026 04:07 PM (IST)
Updated Date: Sat, 21 Nov 2026 04:10 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਸੁਜਾਨਪੁਰ ਸ਼ਹਿਰ ਵਿੱਚ ਆਵਾਜਾਈ ਦੀ ਸਹੂਲਤ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਸੁਜਾਨਪੁਰ ਸਟੇਡੀਅਮ ਤੋਂ ਟੈਂਪੂ ਸਟੈਂਡ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਆਮ ਆਦਮੀ ਪਾਰਟੀ ਦੇ ਸੁਜਾਨਪੁਰ ਹਲਕੇ ਦੇ ਇੰਚਾਰਜ ਡਾ. ਸਵਰਨ ਸਿੰਘ ਸਲਾਰੀਆ ਨੇ ਇਸ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ’ਤੇ 5 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾਵੇਗੀ। ਸੜਕ ਬਣਨ ਨਾਲ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਡਾ. ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਸੁਜਾਨਪੁਰ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਆਮ ਆਦਮੀ ਪਾਰਟੀ ਦੀ ਨਗਰ ਕੌਂਸਲ ਬਣਨ ਤੋਂ ਬਾਅਦ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦਾ ਨਿਰਮਾਣ ਸ਼ਹਿਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੁੰਦੀ ਹੈ, ਸਗੋਂ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਨੀਤੂ ਮਨਹਾਸ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੁਜਾਨਪੁਰ ਨੂੰ ਸੁੰਦਰ ਤੇ ਵਿਕਸਤ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਦੀ ਲੜੀ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨਦੀਪ ਸਿੰਘ ਸੰਧੂ, ਆਪ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਬੰਟੀ, ਉਪ ਪ੍ਰਧਾਨ ਸੁਰਿੰਦਰ ਸ਼ਰਮਾ, ਕੌਂਸਲਰ ਸੁਰਿੰਦਰ ਵਰਮਾ ਬਾਬੀ, ਰਾਜੇਸ਼ ਕੁਮਾਰ, ਆਪ ਆਗੂ ਸੁਰਿੰਦਰ ਮਨਹਾਸ, ਸੁਭਾਸ਼ ਕਾਲਾ, ਤਰਸੇਮ ਲਾਲ, ਲਲਿਤ ਕੁਮਾਰ ਆਦਿ ਹਾਜ਼ਰ ਸਨ।