ਪਿੰਡ ਅਨੇੜ ’ਚ ਨੌਜਵਾਨ ਦੀ ਭੇਤਭਰੀ ਮੌਤ
ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ
Publish Date: Sun, 22 Mar 2026 03:55 PM (IST)
Updated Date: Sun, 22 Mar 2026 03:58 PM (IST)

ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਰਮਨਦੀਪ ਘਿਆਲਾ, ਪੰਜਾਬੀ ਜਾਗਰਣ ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਦੇ ਪਿੰਡ ਅਨੇੜ ਵਿਚ ਪਿਛਲੇ ਦਿਨੀਂ ਲਾਪਤਾ ਹੋਏ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਗੰਭੀਰ ਰੂਪ ਧਾਰ ਗਿਆ ਹੈ। ਮ੍ਰਿਤਕ ਅੰਗਰੇਜ਼ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾਉਂਦੇ ਹੋਏ ਜਲਦ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਚਾਚਾ ਬਚਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਗਰੇਜ਼ ਸਿੰਘ 8 ਮਾਰਚ ਨੂੰ ਅਚਾਨਕ ਲਾਪਤਾ ਹੋ ਗਿਆ ਸੀ। ਇਸ ਤੋਂ ਬਾਅਦ 12 ਮਾਰਚ ਨੂੰ ਉਸ ਦੀ ਲਾਸ਼ ਪਿੰਡ ਵਿਚ ਹੀ ਭੇਤਭਰੇ ਹਲਾਤਾਂ ਵਿਚ ਮਿਲੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ ਹੈ ਤੇ ਮੋਬਾਈਲ ਫ਼ੋਨ ਦੀਆਂ ਕਾਲ ਡੀਟੇਲਾਂ ਵੀ ਇਕੱਠੀਆਂ ਕੀਤੀਆਂ ਗਈਆਂ ਹਨ, ਪਰ ਹੁਣ ਤੱਕ ਕਿਸੇ ਵੀ ਸ਼ੱਕੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਕਤਲ ਦਾ ਮਾਮਲਾ ਹੈ ਤਾਂ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਜੇਕਰ ਇਹ ਆਤਮਹੱਤਿਆ ਦਾ ਮਾਮਲਾ ਹੈ ਤਾਂ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮ੍ਰਿਤਕ ਦੀ ਮਾਤਾ ਨੇ ਭਾਵੁਕ ਹੋ ਕੇ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਅਪੀਲ ਕੀਤੀ। ਇਸ ਸਬੰਧੀ ਸਾਬਕਾ ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪਰਿਵਾਰ ਅਤੇ ਪਿੰਡ ਵਾਸੀ ਧਰਨਾ ਦੇਣ ਲਈ ਮਜਬੂਰ ਹੋਣਗੇ। ਉਧਰ ਥਾਣਾ ਨੰਗਲ ਭੂਰ ਦੇ ਮੁਖੀ ਇੰਸਪੈਕਟਰ ਦਵਿੰਦਰ ਕਾਸਨੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਵਿਚ ਹੁਣ ਤੱਕ ਕੋਈ ਸੰਦੇਹਜਨਕ ਗੱਲ ਸਾਹਮਣੇ ਨਹੀਂ ਆਈ। ਫ਼ਿਲਹਾਲ ਧਾਰਾ 174 ਅਧੀਨ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜਾਂਚ ਦੀ ਹਰ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।