- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੱਕ ਚਾਲਕ ਦੀ ਮੌਤ ਮਾਮਲੇ ’ਚ ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ਸੁਜਾਨਪੁਰ ਅਧੀਨ ਪੈਂਦੇ ਪਿੰਡ ਰਾਣੀਪੁਰ ਦੇ ਰਹਿਣ ਵਾਲੇ ਟਰੱਕ ਚਾਲਕ ਸੁਖਦੇਵ ਸਿੰਘ (50) ਦੀ ਇਨਰ ਇੰਡਸਟ੍ਰੀਅਲ ਏਰੀਆ ਰੋਡ ’ਤੇ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਸੜਕ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਦਾ ਸ਼ੱਕ ਜ਼ਾਹਰ ਕੀਤਾ ਹੈ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਦੀ ਮੰਗ ਕਰਦਿਆਂ ਜਾਂਚ ਮੁਕੰਮਲ ਹੋਣ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮ੍ਰਿਤਕ ਦੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਰਾਤ ਕਰੀਬ 9 ਵਜੇ ਦਰਮਿਆਨ ਆਪਣੇ ਟਰੱਕ ’ਤੇ ਤਰਪਾਲ ਪਾਉਣ ਲਈ ਘਰੋਂ ਗਿਆ ਸੀ। ਉਸ ਨੇ ਆਪਣੇ ਪੁੱਤਰ ਨੂੰ ਕਿਹਾ ਸੀ ਕਿ ਉਹ ਟਰੱਕ ਲੈ ਕੇ ਆਵੇਗਾ ਅਤੇ ਦੋਵੇਂ ਇਕੱਠੇ ਜਾਣਗੇ। ਕਾਫ਼ੀ ਸਮਾਂ ਬੀਤਣ ਦੇ ਬਾਵਜੂਦ ਜਦੋਂ ਉਹ ਵਾਪਸ ਨਾ ਆਇਆ ਤਾਂ ਪੁੱਤਰ ਨੇ ਉਸ ਨੂੰ ਫ਼ੋਨ ਕੀਤਾ, ਪਰ ਫ਼ੋਨ ਨਹੀਂ ਚੁੱਕਿਆ ਗਿਆ।
ਇਸ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਸੁਖਦੇਵ ਸਿੰਘ ਦੇ ਮੋਬਾਈਲ ਫ਼ੋਨ ਤੋਂ ਪਰਿਵਾਰ ਨੂੰ ਸੂਚਿਤ ਕੀਤਾ ਕਿ ਉਸ ਦਾ ਹਾਦਸਾ ਹੋ ਗਿਆ ਹੈ ਅਤੇ ਉਹ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ’ਤੇ ਪਹੁੰਚੇ, ਜਿੱਥੇ ਇੰਡਸਟ੍ਰੀਅਲ ਏਰੀਆ ਵੱਲ ਜਾਂਦੇ ਰਸਤੇ ’ਤੇ ਸੁਖਦੇਵ ਸਿੰਘ ਦੀ ਲਾਸ਼ ਮਿਲੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਕਤ ਸੜਕ ’ਤੇ ਭਾਰੀ ਵਾਹਨਾਂ ਦੀ ਕਥਿਤ ਤੌਰ ’ਤੇ ਗੈਰ-ਕਾਨੂੰਨੀ ਪਾਰਕਿੰਗ ਕਾਰਨ ਪਹਿਲਾਂ ਵੀ ਕਈ ਹਾਦਸੇ ਵਾਪਰ ਚੁੱਕੇ ਹਨ। ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋਏ। ਪੰਚਾਇਤ ਨੁਮਾਇੰਦਿਆਂ ਨੇ ਕੰਪਨੀ ਪ੍ਰਬੰਧਨ ’ਤੇ ਵੀ ਸਵਾਲ ਚੁੱਕਦਿਆਂ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ।
ਪਰਿਵਾਰ ਦਾ ਕਹਿਣਾ ਹੈ ਕਿ ਇਹ ਸਪੱਸ਼ਟ ਨਹੀਂ ਕੀਤਾ ਜਾ ਰਿਹਾ ਕਿ ਹਾਦਸਾ ਕਿਸ ਵਾਹਨ ਨਾਲ ਵਾਪਰਿਆ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਅਸਲ ਮੁਲਜ਼ਮਾਂ ਦੀ ਪਛਾਣ ਹੋਣ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।