- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਝਾਖੋਲੜੀ ਨੇੜੇ ਰੇਲ ਪਟੜੀ ’ਤੇ ਧਰਨਾ

ਮੰਗਾਂ ਦੇ ਹੱਲ ਲਈ ਸਰਕਾਰ ਨੂੰ ਠੋਸ ਫ਼ੈਸਲਾ ਲੈਣ ਦੀ ਮੰਗ
ਅੰਦੋਲਨ ਹੋਰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ
ਭੋਆ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਵੀਰਵਾਰ ਨੂੰ ਪਠਾਨਕੋਟ-ਅੰਮ੍ਰਿਤਸਰ ਰੇਲ ਮਾਰਗ ’ਤੇ ਝਾਖੋਲੜੀ ਸਟੇਸ਼ਨ ਨੇੜੇ ਕਿਸਾਨਾਂ ਨੇ ਰੇਲ ਪਟੜੀ ’ਤੇ ਧਰਨਾ ਲਾ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ। ਕਿਸਾਨਾਂ ਦੇ ਪਟੜੀ ’ਤੇ ਬੈਠਣ ਕਾਰਨ ਇਸ ਮਾਰਗ ’ਤੇ ਆਉਣ-ਜਾਣ ਵਾਲੀਆਂ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਪੰਜਾਬ ਵਿੱਚ ਕਿਸਾਨ ਮਜ਼ਦੂਰ ਮੋਰਚੇ ਵੱਲੋਂ 17 ਸਤੰਬਰ ਨੂੰ ਵੱਖ-ਵੱਖ ਥਾਵਾਂ ’ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕੀਤਾ ਗਿਆ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਤੇ ਸੂਬਾ ਆਗੂ ਸਵਿੰਦਰ ਸਿੰਘ ਚਤਾਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਹਿਲਾਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਨਿਵਾਸਾਂ ਅੱਗੇ ਤਿੰਨ ਦਿਨ ਤੱਕ ਪੱਕੇ ਮੋਰਚੇ ਲਗਾ ਕੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਦਾ ਧਿਆਨ ਖਿੱਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੰਗਾਂ ’ਤੇ ਠੋਸ ਕਾਰਵਾਈ ਨਾ ਹੋਣ ਕਾਰਨ ਹੁਣ ਰੇਲ ਪਟੜੀਆਂ ’ਤੇ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਠੋਸ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਮੁਤਾਬਕ ਮੋਰਚੇ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਮੌਕਾ ਦਿੱਤਾ ਗਿਆ ਸੀ, ਪਰ ਤਸੱਲੀਬਖ਼ਸ਼ ਕਾਰਵਾਈ ਨਾ ਹੋਣ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਗੱਲਬਾਤ ਚੱਲ ਰਹੀ ਹੈ। ਜੇਕਰ ਗੱਲਬਾਤ ਰਾਹੀਂ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ 18 ਸਤੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਉੱਚ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਹ ਹਨ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ
ਮੱਕੀ, ਮੂੰਗੀ, ਬਾਸਮਤੀ, ਸਰ੍ਹੋਂ ਤੇ ਆਲੂ ਸਮੇਤ ਪੰਜ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ
ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦਾ ਹੱਕ ਬਹਾਲ ਕਰਨਾ
ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨਾ
ਮਨਰੇਗਾ ਦੀ ਪੁਰਾਣੀ ਵਿਵਸਥਾ ਬਹਾਲ ਕਰਨਾ
ਬਿਜਲੀ ਸੋਧ ਕਾਨੂੰਨ ਨੂੰ ਲਾਗੂ ਨਾ ਕਰਨਾ
ਸਰਕਾਰੀ ਖ਼ਰੀਦ ਯਕੀਨੀ ਬਣਾਉਣਾ