29 ਹੈੱਡਮਾਸਟਰਾਂ ਦੀ ਨੌਕਰੀ ਬਹਾਲ ਕਰਨ ਦੀ ਕੀਤੀ ਮੰਗ 29 ਹੈੱਡਮਾਸਟਰਾਂ ਦੀ ਨੌਕਰੀ ਬਹਾਲ ਕਰਨ ਲਈ
Publish Date: Fri, 27 Nov 2026 06:16 PM (IST)
Updated Date: Sat, 28 Nov 2026 04:08 AM (IST)
ਫੋਟੋ : 29 ਹੈੱਡਮਾਸਟਰਾਂ ਦੀ ਨੌਕਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਇਕਜੁੱਟਤਾ ਪ੍ਰਗਟਾਉਂਦੇ ਹੋਏ ਸਮੱਗਰ ਹੈੱਡਮਾਸਟਰ ਯੂਨੀਅਨ ਪੰਜਾਬ ਦੇ ਅਹੁਦੇਦਾਰ ਅਤੇ ਮੈਂਬਰ। ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸਮੱਗਰ ਹੈੱਡਮਾਸਟਰ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ 29 ਹੈੱਡਮਾਸਟਰਾਂ ਦੀਆਂ ਨੌਕਰੀਆਂ ਖ਼ਤਮ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੋਂ ਇਨ੍ਹਾਂ ਦੀਆਂ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਰਕਾਰੀ ਸਕੂਲਾਂ ਤੇ ਸਿੱਖਿਆ ਪ੍ਰਣਾਲੀ ਦੀ ਬਿਹਤਰੀ ਲਈ ਸਮਰਪਿਤ ਕੀਤੇ ਹਨ, ਉਨ੍ਹਾਂ ਨੂੰ ਅੱਜ ਆਪਣੇ ਰੁਜ਼ਗਾਰ ਦੀ ਰਾਖੀ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਬੇਹੱਦ ਚਿੰਤਾਜਨਕ ਹੈ। ਯੂਨੀਅਨ ਦੇ ਪ੍ਰਧਾਨ ਰਾਮ ਭਜਨ ਚੌਧਰੀ, ਜਨਰਲ ਸਕੱਤਰ ਹਰਮਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਰੇਨੂੰ ਸੈਣੀ ਨੇ ਕਿਹਾ ਕਿ ਨੌਕਰੀ ਤੋਂ ਵਾਂਝੇ ਹੋਣ ਕਾਰਨ 29 ਪਰਿਵਾਰਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸੇ ਦੇ ਬੱਚਿਆਂ ਦੀ ਪੜ੍ਹਾਈ, ਕਿਸੇ ਦੇ ਘਰ ਦੀਆਂ ਜ਼ਿੰਮੇਵਾਰੀਆਂ ਅਤੇ ਕਿਸੇ ਦੇ ਬਜ਼ੁਰਗ ਮਾਪਿਆਂ ਦੀ ਦੇਖਭਾਲ ਦਾ ਸਵਾਲ ਜੁੜਿਆ ਹੋਇਆ ਹੈ। ਅਜਿਹੇ ਹਾਲਾਤ ਵਿੱਚ ਪਰਿਵਾਰਾਂ ਦਾ ਭਵਿੱਖ ਅਨਿਸ਼ਚਿਤਤਾ ਵਿੱਚ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਧਿਕਾਰ ਸਿਰਫ਼ ਕਿਤਾਬਾਂ ਅਤੇ ਸਕੂਲਾਂ ਤੱਕ ਸੀਮਤ ਨਹੀਂ, ਸਗੋਂ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਾਲੇ ਅਧਿਆਪਕਾਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਸਾਲਾਂ ਤੱਕ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਹੀ ਰੁਜ਼ਗਾਰ ਦੀ ਸੁਰੱਖਿਆ ਨਹੀਂ ਮਿਲੇਗੀ ਤਾਂ ਇਹ ਸਿੱਖਿਆ ਖੇਤਰ ਲਈ ਵੀ ਚਿੰਤਾ ਦਾ ਵਿਸ਼ਾ ਹੈ। ਯੂਨੀਅਨ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਮਾਮਲੇ ਦੀ ਹਮਦਰਦੀ ਨਾਲ ਸਮੀਖਿਆ ਕਰਕੇ 29 ਹੈੱਡਮਾਸਟਰਾਂ ਦੀ ਨੌਕਰੀ ਬਹਾਲ ਕੀਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੇ ਮਾਨਸਿਕ ਅਸੁਰੱਖਿਆ ਤੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਹੋਰ ਦੇਰੀ ਕਰਨ ਦੀ ਬਜਾਏ ਤੁਰੰਤ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਮੌਕੇ ਰੁਪਿੰਦਰ ਕੌਰ, ਗੁਰਵਿੰਦਰ ਕੌਰ, ਅਮਨਜੀਤ ਕੌਰ, ਨਿਖਿਤ ਇਕਬਾਲ, ਪੂਜਾ ਰਾਣੀ, ਰੌਸ਼ਨੀ ਚਾਵਲਾ, ਸੁਖਬੀਰ ਕੌਰ, ਗੁਰਮੀਤ ਕੌਰ, ਰਾਜੀਵ ਕੁਮਾਰ, ਅਰਵਿੰਦ ਕੁਮਾਰ, ਗੁਰਸ਼ਰਨ ਸਿੰਘ, ਮੁਹੰਮਦ ਫੈਸਲ, ਮੁਹੰਮਦ ਸ਼ਬੀਰ, ਮੁਹੰਮਦ ਅਨਵਰ, ਮੁਹੰਮਦ ਬਸ਼ੀਰ, ਅਮਿਤ ਕਟਾਰੀਆ, ਰਾਹੁਲ ਗੁਪਤਾ, ਰਵੀ ਗੁਪਤਾ ਅਤੇ ਮਨੋਹਰ ਲਾਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।