ਆਦਰਸ਼ ਮਾਡਰਨ ਸਕੂਲ ਦੇ ਚਾਰ ਰੋਜ਼ਾ ਖੇਡ ਮੁਕਾਬਲੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਆਦਰਸ਼ ਮਾਡਰਨ ਸਕੂਲ ਦੇ ਚਾਰ ਰੋਜ਼ਾ ਖੇਡ ਮੁਕਾਬਲੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ
Publish Date: Sat, 14 Nov 2026 05:19 PM (IST)
Updated Date: Sun, 15 Nov 2026 04:01 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਆਦਰਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਵਿਖੇ ਕਰਵਾਏ ਗਏ ਚਾਰ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਰਿੰਦਰ ਨੰਦੀ ਅਤੇ ਭਾਰਤ ਵਿਕਾਸ ਪਰਿਸ਼ਦ ਨਾਲ ਸਬੰਧਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਰੁਣ, ਰਾਜੀਵ ਥਾਪਾ ਅਤੇ ਅੰਕੁਰ ਬੇਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਸ਼ਿਵ ਕੁਮਾਰ ਸ਼ਰਮਾ ਅਤੇ ਹੋਰ ਮਹਿਮਾਨਾਂ ਵੱਲੋਂ ਜੋਤੀ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਚਾਰ ਦਿਨਾਂ ਤੱਕ ਚੱਲੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 100 ਅਤੇ 200 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ, ਖੋ-ਖੋ, ਕਬੱਡੀ, ਬੋਰੀ ਦੌੜ, ਹੌਲੀ ਸਾਈਕਲ ਦੌੜ, ਰੱਸਾਕਸ਼ੀ ਸਮੇਤ ਕਈ ਹੋਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਛੋਟੀਆਂ ਜਮਾਤਾਂ ਤੋਂ ਲੈ ਕੇ ਵੱਡੀਆਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਖੇਡ ਮੈਦਾਨ ਵਿੱਚ ਖਿਡਾਰੀਆਂ ਦਾ ਜੋਸ਼ ਅਤੇ ਆਪਣੀ ਟੀਮ ਨੂੰ ਉਤਸ਼ਾਹਿਤ ਕਰਦੇ ਵਿਦਿਆਰਥੀਆਂ ਦਾ ਉਤਸ਼ਾਹ ਦੇਖਣਯੋਗ ਸੀ। ਇਸ ਮੌਕੇ ਮੁੱਖ ਮਹਿਮਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਧੀਰਜ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸ਼ਿਵ ਕੁਮਾਰ ਸ਼ਰਮਾ ਨੇ ਕਿਹਾ ਕਿ ਸਕੂਲ ਪ੍ਰਬੰਧਕ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਆਪਣੀ ਯੋਗਤਾ ਦਿਖਾਉਣ ਦੇ ਢੁੱਕਵੇਂ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਆਰਤੀ ਮੇਹਰਾ ਨੇ ਵੀ ਸਮਾਗਮ ਦੀ ਸਫ਼ਲਤਾ ਲਈ ਸਮੂਹ ਅਧਿਆਪਕਾਂ ਅਤੇ ਸਹਿਯੋਗੀਆਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਅਮਨਦੀਪ, ਮੁਕੇਸ਼, ਦਿਨੇਸ਼, ਜੀਵਨ ਜੋਤੀ, ਅੰਜਲੀ, ਕਾਂਤਾ, ਮੁਕਤਲਤਾ, ਪਲਕ, ਕੋਮਲ, ਸੀਮਾ ਅਤੇ ਬਲਵੀਰ ਆਦਿ ਹਾਜ਼ਰ ਸਨ।