ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗੋਪਾਸ਼ਟਮੀ ਡੇਅਰੀਵਾਲ ਗਊਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੋਪਾਸ਼ਟਮੀ ਦਾ ਤਿਉਹਾਰ
Publish Date: Sat, 21 Nov 2026 05:08 PM (IST)
Updated Date: Sat, 21 Nov 2026 05:10 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਠਾਨਕੋਟ : ਡੇਅਰੀਵਾਲ ਸਥਿਤ ਗਊਸ਼ਾਲਾ ਵਿਖੇ ਗੋਪਾਸ਼ਟਮੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਮਨਮਹੇਸ਼ ਬਿੱਲਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਗਊ-ਸੇਵਕਾਂ ਨੇ ਸ਼ਿਰਕਤ ਕਰਕੇ ਗਊਮਾਤਾ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਵਿਧਾਇਕ ਅਸ਼ਵਨੀ ਸ਼ਰਮਾ, ਹਿੰਦੂ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਗਊ ਸੇਵਾ ਕਮੇਟੀ ਦੀ ਚੇਅਰਪਰਸਨ ਰੰਜਨਾ ਮਹਾਜਨ ਅਤੇ ਡਾ. ਸ਼ੋਭਾ ਪਰਾਸ਼ਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਮਨਮਹੇਸ਼ ਬਿੱਲਾ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਨੀਲਮ ਸੈਣੀ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਧੀ-ਵਿਧਾਨ ਅਨੁਸਾਰ ਗਊਮਾਤਾ ਦੀ ਪੂਜਾ-ਅਰਚਨਾ ਕੀਤੀ ਤੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ। ਸ਼ਰਧਾਲੂਆਂ ਨੇ ਗਊਮਾਤਾ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗਊ-ਸੇਵਾ ਅਤੇ ਗਊਆਂ ਦੀ ਸੰਭਾਲ ਤੇ ਸੁਰੱਖਿਆ ਲਈ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦਾ ਅਹਿਦ ਵੀ ਲਿਆ ਗਿਆ।ਪ੍ਰਧਾਨ ਮਨਮਹੇਸ਼ ਬਿੱਲਾ ਨੇ ਕਿਹਾ ਕਿ ਗਊ-ਸੇਵਾ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾ ਦਾ ਅਹਿਮ ਹਿੱਸਾ ਹੈ। ਅਜਿਹੇ ਧਾਰਮਿਕ ਸਮਾਗਮ ਜਿੱਥੇ ਸਮਾਜ ਵਿੱਚ ਸੇਵਾ ਅਤੇ ਸ਼ਰਧਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ, ਉੱਥੇ ਹੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।