ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਅਧਿਆਪਕਾਂ ਨੇ ਕੀਤਾ ਵਿਚਾਰ-ਵਟਾਂਦਰਾ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ
Publish Date: Sat, 10 Oct 2026 07:23 PM (IST)
Updated Date: Sat, 10 Oct 2026 07:26 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਐਲੀਮੈਂਟਰੀ ਟੀਚਰ ਯੂਨੀਅਨ (ਈਟੀਯੂ) ਪਠਾਨਕੋਟ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਕਮਲਜੀਤ ਕੌਰ ਨਾਲ ਮੁਲਾਕਾਤ ਕਰਕੇ ਅਧਿਆਪਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੀਆਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਨੇ ਸਕੂਲਾਂ ਵਿੱਚ ਮਿਡ-ਡੇਅ ਮੀਲ ਲਈ ਮਾਰਚ ਤੋਂ ਸਤੰਬਰ ਤੱਕ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਉਠਾਉਂਦਿਆਂ ਦੱਸਿਆ ਕਿ ਇਸ ਕਾਰਨ ਦੁਕਾਨਦਾਰਾਂ ਨੇ ਵੀ ਸਕੂਲਾਂ ਨੂੰ ਉਧਾਰ ਸਮਾਨ ਦੇਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਕਾਇਆ ਰਾਸ਼ੀ ਦੀ ਜਲਦ ਅਦਾਇਗੀ ਨਾ ਹੋਈ ਤਾਂ ਸਕੂਲਾਂ ਵਿੱਚ ਮਿਡ-ਡੇਅ ਮੀਲ ਦੀ ਵਿਵਸਥਾ ਚਲਾਉਣੀ ਮੁਸ਼ਕਲ ਹੋ ਸਕਦੀ ਹੈ। ਈਟੀਯੂ ਪਠਾਨਕੋਟ ਦੇ ਉਪ ਪ੍ਰਧਾਨ ਰਮਨ ਕੁਮਾਰ ਨੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਵਿੱਚ ਹੋ ਰਹੀ ਦੇਰੀ ਦਾ ਮਾਮਲਾ ਉਠਾਇਆ। ਇਸ ਤੋਂ ਇਲਾਵਾ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਬਾਰੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਿਡ-ਡੇਅ ਮੀਲ ਦੇ ਬਕਾਇਆ ਬਿੱਲ ਜਲਦ ਪਾਸ ਕਰਵਾਉਣ ਲਈ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਜਲਦ ਪੱਤਰ ਜਾਰੀ ਕੀਤਾ ਜਾਵੇਗਾ। ਅਧਿਆਪਕਾਂ ਦੀ ਘਾਟ ਵਾਲੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਤਾਇਨਾਤੀਆਂ ਵਿੱਚ ਤਬਦੀਲੀਆਂ ਕਰਕੇ ਘਾਟ ਪੂਰੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੁਪਰਡੈਂਟ ਫਰਚੰਦ ਮਸੀਹ, ਈਟੀਯੂ ਦੇ ਸੂਬਾਈ ਆਗੂ ਰਵੀ ਕਾਂਤ ਦਿਗਪਾਲ, ਸੀਐੱਚਟੀ ਕੈਲਾਸ਼ ਚੰਦਰ, ਸੀਐੱਚਟੀ ਅਕਸ਼ੈ ਮਹਾਜਨ, ਉਮੇਸ਼ ਚੰਦਰ ਅਤੇ ਵਿਜੇ ਕੁਮਾਰ ਸਮੇਤ ਹੋਰ ਹਾਜ਼ਰ ਸਨ।