ਪਠਾਨਕੋਟ ਵਾਸੀਆਂ ਲਈ ਅਹਿਮ ਖ਼ਬਰ: ਅੱਜ ਰਾਤ 8 ਵਜੇ ਵੱਜੇਗਾ ਸਾਇਰਨ, ਪੂਰੇ ਸ਼ਹਿਰ 'ਚ ਹੋਵੇਗਾ ਬਲੈਕ ਆਊਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਪਠਾਨਕੋਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੌਕ ਡ੍ਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਕੁਦਰਤੀ ਆਫ਼ਤ ਸਮੇਂ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਕਾਰਜਕੁਸ਼ਲਤਾ, ਵਿਭਾਗਾਂ ਵਿਚਕਾਰ ਤਾਲਮੇਲ ਅਤੇ ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਭਿਆਸ ਭਵਿੱਖ ਵਿੱਚ ਕਿਸੇ ਵੀ ਸੰਕਟਮਈ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਬੇਹੱਦ ਮਹੱਤਵਪੂਰਨ ਹਨ।
Publish Date: Fri, 27 Nov 2026 03:46 PM (IST)
Updated Date: Fri, 27 Nov 2026 03:55 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ। ਕਿਸੇ ਵੀ ਸੰਭਾਵੀ ਆਫ਼ਤ ਜਾਂ ਐਮਰਜੈਂਸੀ ਸਥਿਤੀ ਦੌਰਾਨ ਪ੍ਰਸ਼ਾਸਨ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਪਰਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਨਵੰਬਰ ਨੂੰ ਪਠਾਨਕੋਟ ਸ਼ਹਿਰ ਵਿੱਚ ਮੌਕ ਡ੍ਰਿੱਲ ਕਰਵਾਈ ਜਾ ਰਹੀ ਹੈ। ਇਸ ਤਹਿਤ ਰਾਤ 8 ਵਜੇ ਸ਼ਹਿਰ ਵਿੱਚ ਸਾਇਰਨ ਵਜਾਉਣ ਦੇ ਨਾਲ-ਨਾਲ ਬਲੈਕ ਆਊਟ ਵੀ ਕੀਤਾ ਜਾਵੇਗਾ। ਇਸ ਅਭਿਆਸ ਲਈ ਰੇਲਵੇ ਸਟੇਸ਼ਨ ਪਠਾਨਕੋਟ ਦੇ ਗੇਟ ਨੰਬਰ ਇੱਕ ਨੂੰ ਨਿਰਧਾਰਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਪਠਾਨਕੋਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੌਕ ਡ੍ਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਕੁਦਰਤੀ ਆਫ਼ਤ ਸਮੇਂ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਕਾਰਜਕੁਸ਼ਲਤਾ, ਵਿਭਾਗਾਂ ਵਿਚਕਾਰ ਤਾਲਮੇਲ ਅਤੇ ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਭਿਆਸ ਭਵਿੱਖ ਵਿੱਚ ਕਿਸੇ ਵੀ ਸੰਕਟਮਈ ਸਥਿਤੀ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਬੇਹੱਦ ਮਹੱਤਵਪੂਰਨ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਨੂੰ ਰਾਤ 8 ਵਜੇ ਜਦੋਂ ਸ਼ਹਿਰ ਵਿੱਚ ਸਾਇਰਨ ਵੱਜੇਗਾ ਅਤੇ ਬਲੈਕ ਆਊਟ ਕੀਤਾ ਜਾਵੇਗਾ ਤਾਂ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਪ੍ਰਸ਼ਾਸਨ ਵੱਲੋਂ ਕਰਵਾਇਆ ਜਾ ਰਿਹਾ ਅਭਿਆਸ ਹੈ। ਇਸ ਦਾ ਕਿਸੇ ਅਸਲ ਐਮਰਜੈਂਸੀ ਨਾਲ ਕੋਈ ਸਬੰਧ ਨਹੀਂ ਹੈ।
ਐੱਸ.ਡੀ.ਐੱਮ. ਅਸ਼ੋਕ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਦੌਰਾਨ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਬਲੈਕ ਆਊਟ ਸਬੰਧੀ ਦਿੱਤੇ ਗਏ ਸੰਕੇਤਾਂ ਦਾ ਸਹਿਯੋਗ ਨਾਲ ਪਾਲਣ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਜਿਹੇ ਅਭਿਆਸਾਂ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।