ਚੇਅਰਮੈਨ ਬਹਿਲ ਵੱਲੋਂ ਲਮੀਣੀ ਇਲਾਕੇ ਦਾ ਦੌਰਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੌਰਵ ਬਹਿਲ ਨੇ ‘ਆਪ’ ਦੇ ਸੀਨੀਅਰ ਆਗੂਆਂ ਸਮੇਤ ਲਮੀਣੀ ਇਲਾਕੇ ਦਾ ਕੀਤਾ ਦੌਰਾ
Publish Date: Sun, 29 Nov 2026 04:04 PM (IST)
Updated Date: Sun, 29 Nov 2026 04:05 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪਠਾਨਕੋਟ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜ਼ਮੀਨੀ ਪੱਧਰ ’ਤੇ ਹੱਲ ਕਰਨ ਦੇ ਮਕਸਦ ਨਾਲ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਨਗਰ ਸੁਧਾਰ ਟਰੱਸਟ ਦੀ ਸਮੁੱਚੀ ਟੀਮ ਸਮੇਤ ਸ਼ਹਿਰ ਦੇ ਲਮੀਣੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਦੌਰਾਨ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ, ਜਦਕਿ ਇਲਾਕੇ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਅਤੇ ਰਹਿਨੁਮਾਈ ਸਦਕਾ ਪਠਾਨਕੋਟ ਸ਼ਹਿਰ ਵਿੱਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸੋਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਰ ਇਲਾਕੇ ਦਾ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਦੀ ਟੀਮ ਦਾ ਮੁੱਖ ਉਦੇਸ਼ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨਾ ਅਤੇ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਹੈ। ਵਿਕਾਸ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਠਾਨਕੋਟ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।