ਢਾਕੀ ਫਲਾਈਓਵਰ ਦੀ ਅਧੂਰੀ ਉਸਾਰੀ ਨੇ ਪਠਾਨਕੋਟ ਦੇ ਵਪਾਰ ਨੂੰ ਲਾਈ ਬਰੇਕ ਢਾਕੀ ਫਲਾਈਓਵਰ ਦੀ ਅਧੂਰੀ ਉਸਾਰੀ
Publish Date: Sat, 14 Nov 2026 03:53 PM (IST)
Updated Date: Sun, 15 Nov 2026 04:00 AM (IST)
, ਅਮਿਤ ਵਿੱਜ ਨੇ ਮੌਕੇ ’ਤੇ ਪਹੁੰਚ ਕੇ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ, ਸਾਢੇ ਚਾਰ ਸਾਲਾਂ ਤੋਂ ਲਟਕ ਰਿਹੈ ਉਸਾਰੀ ਦਾ ਕੰਮ, ਪੰਜ ਮਹੀਨਿਆਂ ’ਚ ਪੂਰਾ ਹੋ ਸਕਦਾ ਸੀ ਪ੍ਰਾਜੈਕਟ : ਅਮਿਤ ਵਿੱਜ ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਢਾਕੀ ਫਲਾਈਓਵਰ ਦੀ ਉਸਾਰੀ ਦਾ ਕੰਮ ਲੰਮੇ ਸਮੇਂ ਤੋਂ ਅਧੂਰਾ ਪਿਆ ਹੋਣ ਕਾਰਨ ਇਲਾਕੇ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਆਪਣੀ ਟੀਮ ਸਮੇਤ ਫਲਾਈਓਵਰ ਦਾ ਦੌਰਾ ਕਰਕੇ ਉਸਾਰੀ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਅਮਿਤ ਵਿੱਜ ਨੇ ਕਿਹਾ ਕਿ ਜਿਸ ਵਿਕਾਸ ਕਾਰਜ ਨੂੰ ਮਹਿਜ਼ ਪੰਜ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾ ਸਕਦਾ ਸੀ, ਉਹ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਧੂਰਾ ਪਿਆ ਹੈ। ਫਲਾਈਓਵਰ ਦੇ ਥੰਮ੍ਹ ਅਤੇ ਮੁੱਢਲੇ ਉਸਾਰੀ ਕਾਰਜ ਹੋਣ ਦੇ ਬਾਵਜੂਦ ਇਸ ਨੂੰ ਪੂਰਾ ਕਰਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਗੰਭੀਰਤਾ ਨਾਲ ਨਿਗਰਾਨੀ ਕੀਤੀ ਜਾਂਦੀ ਤਾਂ ਇਹ ਪ੍ਰਾਜੈਕਟ ਹੁਣ ਤੱਕ ਮੁਕੰਮਲ ਹੋ ਚੁੱਕਾ ਹੁੰਦਾ। ਉਨ੍ਹਾਂ ਕਿਹਾ ਕਿ ਫਲਾਈਓਵਰ ਦਾ ਕੰਮ ਲਟਕਣ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਸਤੇ ਬੰਦ ਰਹਿਣ ਤੇ ਆਵਾਜਾਈ ਦੀ ਸਮੱਸਿਆ ਕਾਰਨ ਗਾਹਕਾਂ ਦੀ ਆਮਦ ਘਟ ਗਈ ਹੈ। ਇਸ ਦੇ ਨਾਲ ਹੀ ਪਾਣੀ ਦੀ ਨਿਕਾਸੀ ਦਾ ਵੀ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਇਸ ਦੇਰੀ ਨੇ ਨਾ ਸਿਰਫ਼ ਵਪਾਰਕ ਗਤੀਵਿਧੀਆਂ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਇਲਾਕੇ ਦੀ ਆਰਥਿਕ ਤਰੱਕੀ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਅਮਿਤ ਵਿੱਜ ਨੇ ਕਿਹਾ ਕਿ ਜੇਕਰ ਇਹ ਫਲਾਈਓਵਰ ਸਮੇਂ ਸਿਰ ਬਣ ਜਾਂਦਾ ਤਾਂ ਇਲਾਕੇ ਵਿੱਚ ਨਵੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਖੁੱਲ੍ਹ ਚੁੱਕੇ ਹੁੰਦੇ। ਮੰਡੀ ਦੇ ਕਾਰੋਬਾਰ ਵਿੱਚ ਵਾਧਾ ਹੁੰਦਾ, ਲੋਕਾਂ ਨੂੰ ਰੁਜ਼ਗਾਰ ਮਿਲਦਾ ਅਤੇ ਜਾਇਦਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੁੰਦਾ। ਪਰ ਸਰਕਾਰ ਦੀ ਅਣਦੇਖੀ ਕਾਰਨ ਲੋਕ ਇਨ੍ਹਾਂ ਸੰਭਾਵਨਾਵਾਂ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਵਿਧਾਇਕ ਅਸ਼ਵਨੀ ਸ਼ਰਮਾ ਵੀ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਉਮੀਦ ਮੁਤਾਬਕ ਗਤੀ ਦਿਵਾਉਣ ਵਿੱਚ ਅਸਫ਼ਲ ਰਹੇ ਹਨ। ਅਜਿਹੇ ਹਾਲਾਤ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਕਾਂਗਰਸ ਨੂੰ ਮੌਕਾ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਪਾਟੀਆ, ਰਾਕੇਸ਼ ਬਬਲੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ। ਅਮਿਤ ਵਿੱਜ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਢਾਕੀ ਫਲਾਈਓਵਰ ਸਮੇਤ ਸਾਰੇ ਲਟਕੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਏ ਜਾਣਗੇ। ਇਸ ਦੇ ਨਾਲ ਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਕਰਕੇ ਦੁਕਾਨਦਾਰਾਂ ਅਤੇ ਸਥਾਨਕ ਵਸਨੀਕਾਂ ਨੂੰ ਰਾਹਤ ਦਿਵਾਈ ਜਾਵੇਗੀ।