ਪੀਸੀਐੱਸ ਭਰਤੀ ’ਚ ਬੇਨਿਯਮੀਆਂ ਨੇ ਪੰਜਾਬ ਦੇ ਨੌਜਵਾਨਾਂ ਨਾਲ ਕੀਤਾ ਧੋਖਾ : ਅਮਿਤ ਵਿੱਜ ਪੀਸੀਐੱਸ ਭਰਤੀ ’ਚ ਬੇਨਿਯਮੀਆਂ
Publish Date: Sun, 29 Nov 2026 04:56 PM (IST)
Updated Date: Sun, 29 Nov 2026 04:58 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ਵਿੱਚ ਪੀਸੀਐੱਸ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠੇ ਵਿਵਾਦ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਾਰਦਰਸ਼ੀ ਭਰਤੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇਹ ਪ੍ਰਗਟਾਵਾ ਪਠਾਨਕੋਟ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਮਿਤ ਵਿੱਜ ਨੇ ਕੀਤਾ। ਉਨ੍ਹਾਂ ਕਿਹਾ ਕਿ ਹਾਈਕੋਰਟ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਨੂੰ ਪੂਰੀ ਭਰਤੀ ਪ੍ਰਕਿਰਿਆ ਦਾ ਰਿਕਾਰਡ ਸੀਲ ਕਰਨ ਦੇ ਦਿੱਤੇ ਹੁਕਮ ਇਸ ਮਾਮਲੇ ਦੀ ਗੰਭੀਰਤਾ ਨੂੰ ਦਰਸਾਉਂਦੇ ਹਨ। ਇਸ ਭਰਤੀ ਪ੍ਰਕਿਰਿਆ ਵਿੱਚ 85 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ ਅਤੇ 331 ਅਸਾਮੀਆਂ ਸ਼ਾਮਲ ਸਨ। ਅਮਿਤ ਵਿੱਜ ਨੇ ਕਿਹਾ ਕਿ ਅਦਾਲਤ ਵਿੱਚ ਸੁਣਵਾਈ ਦੌਰਾਨ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਮਿਆਦ ਤਿੰਨ ਵਾਰ ਵਧਾਉਣ, ਮੁੱਖ ਪ੍ਰੀਖਿਆ ਦਾ ਨਤੀਜਾ ਐਲਾਨਣ ਤੋਂ ਬਾਅਦ ਅਰਜ਼ੀਆਂ ਦੀ ਜਾਂਚ ਕਰਨ ਅਤੇ ਪ੍ਰਸ਼ਨ ਪੱਤਰਾਂ ਦੇ ਸੀਰੀਅਲ ਨੰਬਰਾਂ ਵਿੱਚ ਗੜਬੜੀਆਂ ਵਰਗੇ ਕਈ ਗੰਭੀਰ ਤੱਥ ਸਾਹਮਣੇ ਆਏ ਹਨ। ਉਨ੍ਹਾਂ ਅਨੁਸਾਰ ਕਈ ਉਮੀਦਵਾਰਾਂ ਨੂੰ ਪੁਰਸ਼ ਅਤੇ ਮਹਿਲਾ ਦੋਵਾਂ ਸ਼੍ਰੇਣੀਆਂ ਵਿੱਚ ਰੋਲ ਨੰਬਰ ਜਾਰੀ ਹੋਏ ਅਤੇ ਕੁਝ ਨੂੰ ਇੱਕ ਤੋਂ ਵੱਧ ਰੋਲ ਨੰਬਰ ਮਿਲੇ। ਉਨ੍ਹਾਂ ਦਾਅਵਾ ਕੀਤਾ ਕਿ ਸਮਾਂ-ਸੀਮਾ ਵਧਾ ਕੇ 361 ਅਜਿਹੇ ਉਮੀਦਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ, ਜੋ ਪਹਿਲਾਂ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਸਫ਼ਲ ਉਮੀਦਵਾਰਾਂ ਦੇ ਰੋਲ ਨੰਬਰਾਂ ਦੇ ਲਗਾਤਾਰ 26 ਸਮੂਹਾਂ ਨੂੰ ਵੀ ਉਨ੍ਹਾਂ ਸ਼ੱਕ ਦਾ ਵਿਸ਼ਾ ਦੱਸਿਆ। ਅਮਿਤ ਵਿੱਜ ਨੇ ਕਿਹਾ ਕਿ ਆਪ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦਾ ਨੌਜਵਾਨ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਗਰੀਬ ਅਤੇ ਮੱਧਵਰਗੀ ਪਰਿਵਾਰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣ ਲਈ ਜ਼ਮੀਨਾਂ ਵੇਚ ਕੇ ਅਤੇ ਕਰਜ਼ੇ ਚੁੱਕ ਕੇ ਪੜ੍ਹਾਉਂਦੇ ਹਨ, ਪਰ ਜੇਕਰ ਭਰਤੀ ਪ੍ਰਕਿਰਿਆ ਵਿੱਚ ਹੀ ਬੇਨਿਯਮੀਆਂ ਹੋਣ ਤਾਂ ਉਨ੍ਹਾਂ ਦੀਆਂ ਉਮੀਦਾਂ ਨੂੰ ਵੱਡੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਯੋਗਤਾ ਦੇ ਆਧਾਰ ’ਤੇ ਮਿਲਣੀਆਂ ਚਾਹੀਦੀਆਂ ਹਨ, ਨਾ ਕਿ ਸਿਫ਼ਾਰਸ਼ ਜਾਂ ਕਿਸੇ ਖ਼ਾਸ ਵਿਅਕਤੀ ਦੀ ਪਹੁੰਚ ਦੇ ਆਧਾਰ ’ਤੇ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਪੀਪੀਐੱਸਸੀ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ ਅਤੇ ਉਮੀਦਵਾਰਾਂ ਦੇ ਅੰਕਾਂ ਸਮੇਤ ਸ਼੍ਰੇਣੀਵਾਰ ਕੱਟ-ਆਫ਼ ਜਨਤਕ ਕੀਤੇ ਜਾਣ। ਪ੍ਰਭਾਵਿਤ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦੇ ਕੇ ਨਵੀਂ ਅਤੇ ਸਮਾਂਬੱਧ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅਤੇ ਉਨ੍ਹਾਂ ਦੇ ਮਾਪੇ ਇਸ ਮਾਮਲੇ ਨੂੰ ਕਦੇ ਨਹੀਂ ਭੁੱਲਣਗੇ।