ਜੋਗਿੰਦਰ ਪਾਲ ਨੂੰ ਭੋਆ ਤੋਂ ਕਾਂਗਰਸ ਦੀ ਟਿਕਟ ਦਿੱਤੀ ਜਾਵੇ : ਸ਼ਰਮਾ, ਸੈਣੀ, ਠਾਕੁਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜੋਗਿੰਦਰ ਪਾਲ ਨੂੰ ਭੋਆ ਤੋਂ ਕਾਂਗਰਸ ਦੀ ਟਿਕਟ ਦਿੱਤੀ ਜਾਵੇ
Publish Date: Sat, 28 Nov 2026 04:36 PM (IST)
Updated Date: Sat, 28 Nov 2026 04:37 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ ਭੋਆ : ਹਲਕਾ ਭੋਆ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਾਬਕਾ ਐੱਸਡੀਓ ਬਿਜਲੀ ਬੋਰਡ ਰਾਜੇਸ਼ ਸ਼ਰਮਾ ਕੋਲੀਆਂ, ਸੁਮੇਸ਼ ਸੈਣੀ ਬੰਬਿਆਲ ਅਤੇ ਕਾਲੀ ਠਾਕੁਰ ਸਾਬਕਾ ਸਰਪੰਚ ਤੇ ਕਾਂਗਰਸ ਦੇ ਸਾਬਕਾ ਕਿਸਾਨ ਸੈੱਲ ਦੇ ਜਨਰਲ ਸਕੱਤਰ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਤਿੰਨਾਂ ਆਗੂਆਂ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਲ 2017 ਤੋਂ 2022 ਤੱਕ ਵਿਧਾਇਕ ਵਜੋਂ ਹਲਕਾ ਭੋਆ ਦੀ ਨੁਮਾਇੰਦਗੀ ਕਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼ਲਾਘਾਯੋਗ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਜੋਗਿੰਦਰ ਪਾਲ ਦਾ ਹਲਕੇ ਦੇ ਲੋਕਾਂ ਨਾਲ ਗੂੜ੍ਹਾ ਸਬੰਧ ਰਿਹਾ ਹੈ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੇ ਨਾਲ-ਨਾਲ ਉਨ੍ਹਾਂ ਦੀ ਆਵਾਜ਼ ਬਣ ਕੇ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੋਗਿੰਦਰ ਪਾਲ ਹਲਕਾ ਭੋਆ ਦੀਆਂ ਚਿੰਤਾਵਾਂ ਅਤੇ ਲੋਕਾਂ ਦੀਆਂ ਉਮੀਦਾਂ ਦੀ ਆਵਾਜ਼ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਅੱਜ ਵੀ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਕੰਮਾਂ ਨੂੰ ਯਾਦ ਕਰਦੇ ਹਨ। ਤਿੰਨਾਂ ਆਗੂਆਂ ਨੇ ਕਾਂਗਰਸ ਹਾਈਕਮਾਂਡ ਤੋਂ ਪੁਰਜ਼ੋਰ ਮੰਗ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਭੋਆ ਤੋਂ ਜੋਗਿੰਦਰ ਪਾਲ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦੇ ਤਜਰਬੇ ਅਤੇ ਹਲਕੇ ਨਾਲ ਪੁਰਾਣੇ ਸਬੰਧਾਂ ਦਾ ਪਾਰਟੀ ਨੂੰ ਲਾਭ ਮਿਲ ਸਕੇ। ਇਸ ਮੌਕੇ ਆਉਣ ਵਾਲੀਆਂ ਚੋਣਾਂ ਸਬੰਧੀ ਪਾਰਟੀ ਦੀਆਂ ਗਤੀਵਿਧੀਆਂ ਅਤੇ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ।