ਰਬੀ ਫ਼ਸਲਾਂ ਦੀਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਰਬੀ ਫ਼ਸਲਾਂ ਦੀਆਂ ਨਵੀਆਂ ਤਕਨੀਕਾਂ
Publish Date: Fri, 20 Nov 2026 04:30 PM (IST)
Updated Date: Fri, 20 Nov 2026 04:31 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਸਿਫ਼ਾਰਸ਼ਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪਸਾਰ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਰਬੀ ਫ਼ਸਲਾਂ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਕੇਂਦਰ ਦੇ ਇੰਚਾਰਜ ਡਾ. ਰਵਿੰਦਰ ਸਿੰਘ ਛੀਨਾ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਵਿੱਚ ਖੇਤੀਬਾੜੀ ਵਿਕਾਸ ਅਫ਼ਸਰਾਂ, ਖੇਤੀਬਾੜੀ ਵਿਸਥਾਰ ਅਫ਼ਸਰਾਂ, ਸਹਾਇਕ ਤਕਨਾਲੋਜੀ ਪ੍ਰਬੰਧਕਾਂ ਅਤੇ ਬਲਾਕ ਤਕਨਾਲੋਜੀ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਰਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਨਵੀਆਂ ਸਿਫ਼ਾਰਸ਼ਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਪਸਾਰ ਅਧਿਕਾਰੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਵਿਭਾਗ ਵਿਚਕਾਰ ਬਿਹਤਰ ਤਾਲਮੇਲ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਸਿਖਲਾਈ ਦੌਰਾਨ ਡਾ. ਸੀਮਾ ਸ਼ਰਮਾ ਨੇ ਰਬੀ ਫ਼ਸਲਾਂ ਦੀਆਂ ਨਵੀਆਂ ਸਿਫ਼ਾਰਸ਼ਾਂ, ਮਿੱਟੀ ਦੀ ਸਿਹਤ, ਮਿੱਟੀ ਪਰਖ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਵਿਨੈ ਸਿੰਘ ਪਠਾਨੀਆ ਨੇ ਫ਼ਸਲਾਂ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਅਤੇ ਏਕੀਕ੍ਰਿਤ ਪੌਦ ਸੁਰੱਖਿਆ ਪ੍ਰਬੰਧਨ ਬਾਰੇ ਚਾਨਣਾ ਪਾਇਆ। ਡਾ. ਮਨੂ ਤਿਆਗੀ ਨੇ ਫ਼ਸਲੀ ਵਿਭਿੰਨਤਾ, ਬਦਲਵੀਆਂ ਫ਼ਸਲਾਂ ਅਤੇ ਟਿਕਾਊ ਖੇਤੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਡਾ. ਪੂਰਵਾ ਜੱਗੀ ਨੇ ਭਾਗੀਦਾਰਾਂ ਦਾ ਸਵਾਗਤ ਕੀਤਾ। ਇਸ ਉਪਰੰਤ ਅਧਿਕਾਰੀਆਂ ਨੂੰ ਕੇਂਦਰ ਦੀਆਂ ਪ੍ਰਦਰਸ਼ਨੀ ਇਕਾਈਆਂ ਅਤੇ ਖੇਤਾਂ ਦਾ ਦੌਰਾ ਕਰਵਾ ਕੇ ਖੇਤੀ ਤਕਨੀਕਾਂ ਦੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਸੁਰਿੰਦਰ ਸਿੰਘ ਨੇ ਖੇਤਰੀ ਦੌਰੇ ਵਿੱਚ ਸਹਿਯੋਗ ਦਿੱਤਾ। ਭਾਗੀਦਾਰਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਖੇਤੀਬਾੜੀ ਪਸਾਰ ਕਾਰਜਾਂ ਬਾਰੇ ਸੁਝਾਅ ਵੀ ਦਿੱਤੇ।