ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਫਰਜ਼ ਨਿਭਾਉਣ ਦੀ ਮਿਲਦੀ ਪ੍ਰੇਰਣਾ : ਟੀਨਾ ਚੌਧਰੀ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਸੱਚਾਈ, ਮਰਿਆਦਾ ਅਤੇ ਫਰਜ਼ ਨਿਭਾਉਣ ਦੀ ਪ੍ਰੇਰਣਾ ਮਿਲਦੀ ਹੈ : ਟੀਨਾ ਚੌਧਰੀ
Publish Date: Sat, 17 Oct 2026 04:29 PM (IST)
Updated Date: Sun, 18 Oct 2026 04:01 AM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਪੰਜਾਬ ਕਾਂਗਰਸ ਦੀ ਬੁਲਾਰਨ ਅਤੇ ਹਲਕਾ ਭੋਆ ਨਾਲ ਸਬੰਧਤ ਕਾਂਗਰਸੀ ਆਗੂ ਟੀਨਾ ਚੌਧਰੀ ਨੇ ਹਲਕੇ ਦੇ ਪਿੰਡ ਸੁੰਦਰਚੱਕ ਅਤੇ ਨਰੋਟ ਮਹਿਰਾ ਵਿਖੇ ਕਰਵਾਏ ਗਏ ਰਾਮਲੀਲਾ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਨਾਲ ਸਬੰਧਤ ਮੰਚਨ ਦੇ ਦਰਸ਼ਨ ਕੀਤੇ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮਾਂ ਦੌਰਾਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਰਾਮਲੀਲਾ ਕਮੇਟੀਆਂ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਟੀਨਾ ਚੌਧਰੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਟੀਨਾ ਚੌਧਰੀ ਨੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਮਲੀਲਾ ਵਰਗੇ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੇ ਧਰਮ, ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਾਨੂੰ ਸੱਚਾਈ, ਇਮਾਨਦਾਰੀ, ਮਰਿਆਦਾ, ਤਿਆਗ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦਾ ਸੰਦੇਸ਼ ਦਿੰਦਾ ਹੈ। ਰਾਮਲੀਲਾ ਰਾਹੀਂ ਇਨ੍ਹਾਂ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਟੀਨਾ ਚੌਧਰੀ ਨੇ ਰਾਮਲੀਲਾ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਤਿਉਹਾਰ ਆਪਸੀ ਸਦਭਾਵਨਾ, ਪਿਆਰ ਅਤੇ ਸ਼ਾਂਤੀ ਨਾਲ ਮਨਾਉਣ ਤਾਂ ਜੋ ਸਮਾਜ ਵਿੱਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਰਾਮਲੀਲਾ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਰਮ ਸ਼ਰਮਾ, ਜ਼ਿਲ੍ਹਾ ਸਕੱਤਰ ਅਮਿਤ ਸ਼ਰਮਾ, ਹਲਕਾ ਭੋਆ ਦੇ ਵਾਈਸ ਬਲਾਕ ਪ੍ਰਧਾਨ ਸ਼ੁਭਮ ਸੈਣੀ ਅਤੇ ਸੀਨੀਅਰ ਕਾਂਗਰਸੀ ਆਗੂ ਪੁਸ਼ਪਿੰਦਰ ਤੇ ਦਨੇਸ਼ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।