‘ਆਪ’ ਦੇ ਰਾਜ ’ਚ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ : ਪਰਗਟ ਸਿੰਘ
2027 ਦੀਆਂ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ, ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਪੰਜਾਬ ਦੀ ਕਾਨੂੰਨ-ਵਿਵਸਥਾ,
Publish Date: Tue, 17 Nov 2026 06:22 PM (IST)
Updated Date: Tue, 17 Nov 2026 06:24 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਵਿਗੜ ਰਹੀ ਕਾਨੂੰਨ-ਵਿਵਸਥਾ, ਨਾਜਾਇਜ਼ ਮਾਈਨਿੰਗ ਅਤੇ ਸੂਬੇ ਦੀ ਆਰਥਿਕਤਾ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਤਿੱਖੇ ਸਵਾਲ ਉਠਾਏ। ਪਠਾਨਕੋਟ ਦੌਰੇ ਦੌਰਾਨ ਉਨ੍ਹਾਂ ਜਿੱਥੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ, ਉੱਥੇ ਹੀ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣ ਦਾ ਸੱਦਾ ਦਿੱਤਾ। ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਪਰਗਟ ਸਿੰਘ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪਠਾਨਕੋਟ ਵਿਚ ਹਾਲ ਹੀ ਦੌਰਾਨ ਗੰਨ ਪੁਆਇੰਟ ’ਤੇ ਕਾਰ ਲੁੱਟਣ ਅਤੇ ਗੁਰਦਾਸਪੁਰ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੌਣੇ ਪੰਜ ਸਾਲਾਂ ਦੇ ਅਰਸੇ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਣੀ ਚਾਹੀਦੀ ਹੈ, ਪਰ ਮੌਜੂਦਾ ਹਾਲਾਤ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਗਤ ਸਿੰਘ ਦੇ ਨਾਮ ’ਤੇ ਸੱਤਾ ਵਿਚ ਆਉਣ ਵਾਲੀ ਪਾਰਟੀ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਸੰਘਰਸ਼ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੀਲੀ ਪੱਗ ਬੰਨ੍ਹ ਲੈਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ ਅਤੇ ਸੂਬੇ ਦੇ ਆਗੂਆਂ ਨੇ ਪੰਜਾਬ ਦੇ ਹਿੱਤਾਂ ਦੀ ਥਾਂ ਦਿੱਲੀ ਦੇ ਆਗੂਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਪਠਾਨਕੋਟ ਖੇਤਰ ਵਿਚ ਨਾਜਾਇਜ਼ ਮਾਈਨਿੰਗ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਈਡੀ ਵਲੋਂ ਦਰਜ ਮਾਮਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ 92 ਏਕੜ ਜ਼ਮੀਨ ਦੇ ਕਥਿਤ ਗੈਰ-ਕਾਨੂੰਨੀ ਤਬਾਦਲੇ ਅਤੇ 367 ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ਾਂ ਦੀ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਕੀਤੀ।ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੇਸ਼ ਦੇ ਵਧਦੇ ਕਰਜ਼ੇ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ ਬਾਰੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਿਆਸਤ ਵਿਚ ਕਈ ਮੁੱਦਿਆਂ ’ਤੇ ਸਮਾਨਤਾ ਹੈ ਅਤੇ ਦੋਵੇਂ ਪਾਰਟੀਆਂ ਧਰਮ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ। 2027 ਦੀਆਂ ਚੋਣਾਂ ਲਈ ਕਾਂਗਰਸ ਦੀ ਇਕਜੁੱਟਤਾ ’ਤੇ ਜ਼ੋਰ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਚੋਣ ਮੈਦਾਨ ਵਿਚ ਉਤਰੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਵਰਗੇ ਤਜਰਬੇਕਾਰ ਆਗੂ ਮੌਜੂ਼ਦ ਹਨ। ਸਾਰਿਆਂ ਨੂੰ ਨਾਲ ਲੈ ਕੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਤੇ ਪੀਪੀਸੀਸੀ ਖ਼ਜ਼ਾਨਚੀ ਅਮਿਤ ਵਿੱਜ, ਸਾਬਕਾ ਮੰਤਰੀ ਰਮਨ ਭੱਲਾ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ, ਅਨਿਲ ਦਾਰਾ, ਆਸ਼ੀਸ਼ ਵਿੱਜ, ਪੰਨਾ ਲਾਲ ਭਾਟੀਆ, ਸਿਰਜਲ ਗੁਪਤਾ, ਸੰਜੀਵ ਬੈਂਸ, ਟੀਨਾ ਚੌਧਰੀ, ਕੇਵਲ ਕ੍ਰਿਸ਼ਨ ਅਤੇ ਰਾਕੇਸ਼ ਬੱਬਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।