ਵੱਡੀ ਖ਼ਬਰ: ਪਠਾਨਕੋਟ ਦੇ ਨਿੱਜੀ ਸਕੂਲ 'ਤੇ ਬੰਬ ਹਮਲੇ ਦਾ ਸਾਇਆ! ਭਾਰੀ ਪੁਲਿਸ ਫੋਰਸ ਤਾਇਨਾਤ, ਤਲਾਸ਼ੀ ਮੁਹਿੰਮ ਜਾਰੀ
ਜ਼ਿਲ੍ਹੇ ਦੇ ਸਰਹੱਦੀ ਖੇਤਰ (ਬਾਰਡਰ ਏਰੀਆ) ਵਿੱਚ ਸਥਿਤ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਦੀਆਂ ਟੀਮਾਂ ਨੇ ਸਕੂਲ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ (ਸਰਚ ਆਪ੍ਰੇਸ਼ਨ) ਸ਼ੁਰੂ ਕਰ ਦਿੱਤੀ ਗਈ ਹੈ।
Publish Date: Fri, 23 Jan 2026 12:01 PM (IST)
Updated Date: Fri, 23 Jan 2026 12:02 PM (IST)

ਰਮਨਦੀਪ ਘਿਆਲਾ, ਪੰਜਾਬੀ ਜਾਗਰਣ,ਪਠਾਨਕੋਟ- ਭਾਰਤ–ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਪਿੰਡ ਬਹਾਦੁਰਪੁਰ ਵਿੱਚ ਸਥਿਤ ਆਕਰਸ਼ਣ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਸਕੂਲ ਦੀ ਅਧਿਕਾਰਿਤ ਈਮੇਲ ਆਈਡੀ ‘ਤੇ ਭੇਜੀ ਗਈ ਹੈ, ਜਿਸ ਵਿੱਚ 26 ਜਨਵਰੀ ਨੂੰ ਤਿਰੰਗਾ ਝੰਡਾ ਨਾ ਲਹਿਰਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਧਮਕੀ ਭਰੀ ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਬਿਨਾਂ ਦੇਰੀ ਕੀਤੇ ਵਿਦਿਆਰਥੀਆਂ ਦੀ ਤੁਰੰਤ ਛੁੱਟੀ ਕਰ ਦਿੱਤੀ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ, ਸਥਾਨਕ ਥਾਣਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਡਾਗ ਸਕਵਾਡ ਅਤੇ ਬੰਬ ਡਿਸਪੋਜ਼ਲ ਟੀਮ ਵੱਲੋਂ ਸਕੂਲ ਦੇ ਹਰ ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ-ਨਾਲ ਪਿੰਡ ਬਹਾਦੁਰਪੁਰ ਅਤੇ ਲੱਗਦੇ ਹੋਰ ਇਲਾਕਿਆਂ ਵਿੱਚ ਵੀ ਸਰਚ ਅਭਿਆਨ ਚਲਾਇਆ ਗਿਆ ਹੈ। ਸਰਹੱਦ ਨਾਲ ਲੱਗਦਾ ਇਲਾਕਾ ਹੋਣ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਕੜਾ ਕਰ ਦਿੱਤਾ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਦਹਿਸ਼ਤ ਭਰੀਆਂ ਧਮਕੀਆਂ ਮਿਲ ਰਹੀਆਂ ਹਨ। ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਚਾਰ ਸਕੂਲਾਂ ਨੂੰ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਇਨ੍ਹਾਂ ਘਟਨਾਵਾਂ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਡੀਐਸਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਅਧਿਕਾਰਿਤ ਈਮੇਲ ‘ਤੇ ਇੱਕ ਥ੍ਰੈਡ ਵਾਲੀ ਧਮਕੀ ਭਰੀ ਈਮੇਲ ਆਈ ਸੀ। ਉਨ੍ਹਾਂ ਕਿਹਾ ਕਿ ਫ਼ਿਲਹਾਲ ਇਲਾਕੇ ਵਿੱਚ ਪੂਰੀ ਤਰ੍ਹਾਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਇਬਰ ਸੈੱਲ ਦੀ ਮਦਦ ਵੀ ਲਈ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੈ ਅਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ।