ਜ਼ਿਲ੍ਹਾ ਪਠਾਨਕੋਟ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਠਾਨਕੋਟ ਨੇ ਸਮੂਹ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਉਪਲਬਧੀ ਨਾਲ ਜਿੱਥੇ ਜ਼ਿਲ੍ਹੇ ਦੇ ਮਾਣ ਸਨਮਾਨ ਵਿੱਚ ਵਾਧਾ ਹੋਇਆ ਹੈ, ਉੱਥੇ ਹੀ ਪੂਰੇ ਸੂਬੇ ਵਿੱਚ ਪਠਾਨਕੋਟ ਦਾ ਨਾਮ ਰੌਸ਼ਨ ਹੋਇਆ ਹੈ।
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਠਾਨਕੋਟ ਨੇ ਸਮੂਹ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਉਪਲਬਧੀ ਨਾਲ ਜਿੱਥੇ ਜ਼ਿਲ੍ਹੇ ਦੇ ਮਾਣ ਸਨਮਾਨ ਵਿੱਚ ਵਾਧਾ ਹੋਇਆ ਹੈ, ਉੱਥੇ ਹੀ ਪੂਰੇ ਸੂਬੇ ਵਿੱਚ ਪਠਾਨਕੋਟ ਦਾ ਨਾਮ ਰੌਸ਼ਨ ਹੋਇਆ ਹੈ।
ਇਸ ਸਬੰਧੀ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀ ਯੋਗਤਾ ਵਿੱਚ ਨਿਖਾਰ ਲਿਆਉਣ ਲਈ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਵਿਸ਼ੇਸ਼ ਟ੍ਰੇਨਿੰਗ ਲਈ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਆਧੁਨਿਕ ਸਿੱਖਿਆ ਪ੍ਰਣਾਲੀਆਂ ਬਾਰੇ ਗਿਆਨ ਪ੍ਰਾਪਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਲਾਗੂ ਕੀਤਾ। ਇਸ ਨਾਲ ਵਿਦਿਆਰਥੀਆਂ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਸੁਧਾਰ ਆਇਆ ਹੈ, ਜਿਸਦਾ ਸਿੱਧਾ ਪ੍ਰਭਾਵ ਨਤੀਜਿਆਂ ਵਿੱਚ ਵੇਖਣ ਨੂੰ ਮਿਲਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਵਧਿਆ ਹੈ ਅਤੇ ਦਾਖ਼ਲਿਆਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਹ ਸਿੱਖਿਆ ਖੇਤਰ ਵਿੱਚ ਆ ਰਹੀ ਸਕਾਰਾਤਮਕ ਤਬਦੀਲੀ ਦਾ ਪ੍ਰਮਾਣ ਹੈ।
ਉਨ੍ਹਾਂ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਿਆਂ ਦੀ ਸਾਂਝੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ, ਜਿਸ ਨਾਲ ਪਠਾਨਕੋਟ ਨੇ ਵਿਲੱਖਣ ਪਹਿਚਾਣ ਬਣਾਈ ਹੈ।
ਅੰਤ ਵਿੱਚ ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਪਠਾਨਕੋਟ ਦੇ ਵਿਦਿਆਰਥੀ ਇਸੇ ਤਰ੍ਹਾਂ ਉੱਤਮ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਨਵੇਂ ਮਾਪਦੰਡ ਸਥਾਪਿਤ ਕਰਨਗੇ। ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ ਤਾਂ ਜੋ ਹਰ ਵਿਦਿਆਰਥੀ ਨੂੰ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।