- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਮਾਖਨਪੁਰ ਵਿੱਚ ਪੁਲਿਸ ਨੇ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹੈਰੋਇਨ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਸੀ।

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਮਾਖਨਪੁਰ ਵਿੱਚ ਪੁਲਿਸ ਨੇ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹੈਰੋਇਨ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਸੀ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 61 ਤੇ 85 ਅਤੇ ਹਵਾਈ ਜਹਾਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਸਰਹੱਦੀ ਪਿੰਡ ਤਾਸ਼ ਨੇੜੇ ਸ਼ੱਕੀ ਡਰੋਨ ਦੀ ਹਲਚਲ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚੋਂ ਇੱਕ ਗੁਰਦਾਸਪੁਰ ਜ਼ਿਲ੍ਹੇ ਅਤੇ ਦੂਜਾ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕਟਾਰੂਚੱਕ ਦਾ ਵਸਨੀਕ ਦੱਸਿਆ ਗਿਆ ਹੈ।
ਡੀਐੱਸਪੀ ਦਿਹਾਤੀ ਸੁਖਜਿੰਦਰ ਸਿੰਘ ਨੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਤੇ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਡਰੋਨ ਕਿੱਥੋਂ ਚਲਾਇਆ ਗਿਆ ਸੀ ਅਤੇ ਹੈਰੋਇਨ ਦੀ ਖੇਪ ਹਾਸਲ ਕਰਨ ਲਈ ਸਥਾਨਕ ਪੱਧਰ ’ਤੇ ਕਿਹੜੇ ਵਿਅਕਤੀ ਸੰਪਰਕ ਵਿੱਚ ਸਨ। ਇਸ ਘਟਨਾ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਤੇ ਪੁਲਿਸ ਗਸ਼ਤ ਹੋਰ ਤੇਜ਼ ਕਰ ਦਿੱਤੀ ਗਈ ਹੈ।