Pathankot News : ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਬੇਨਕਾਬ, ਦੋ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰ
ਥਾਣਾ ਤਾਰਾਗੜ੍ਹ ਪੁਲਿਸ ਅਤੇ ਜ਼ਿਲ੍ਹਾ ਸਪੈਸ਼ਲ ਬ੍ਰਾਂਚ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਦੋ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਟਾਰਗੇਟ ਕਿਲਿੰਗ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
Publish Date: Sun, 10 May 2026 07:46 PM (IST)
Updated Date: Sun, 10 May 2026 07:47 PM (IST)
ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਥਾਣਾ ਤਾਰਾਗੜ੍ਹ ਪੁਲਿਸ ਅਤੇ ਜ਼ਿਲ੍ਹਾ ਸਪੈਸ਼ਲ ਬ੍ਰਾਂਚ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਦੋ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਟਾਰਗੇਟ ਕਿਲਿੰਗ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮਾਂ ਦੀ ਪਛਾਣ ਪੰਕਜ ਉਰਫ਼ ਜੈਕ ਵਾਸੀ ਡੱਲਾ ਵਾਲੀਮ, ਸ਼ਾਮ ਉਰਫ਼ ਬਾਬਾ ਵਾਸੀ ਮਾਡਲ ਟਾਊਨ ਪਠਾਨਕੋਟ ਅਤੇ ਸੌਰਭ ਕੁਮਾਰ ਵਾਸੀ ਹੈਵਤ ਪਿੰਡੀ ਵਜੋਂ ਹੋਈ ਹੈ। ਡੀਐੱਸਪੀ ਵਿਪਿਨ ਕੁਮਾਰ ਨੇ ਦੱਸਿਆ ਕਿ ਐੱਸਐੱਸਪੀ ਦਲਜਿੰਦਰ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਸਮਾਜਿਕ ਤੱਤਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਹਥਿਆਰਾਂ ਸਮੇਤ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਲਾਕੇ ਵਿੱਚ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਤਾਰਾਗੜ੍ਹ ਦੇ ਮੁਖੀ ਹਰਸ਼ ਕਸ਼ਮੀ ਅਤੇ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਸ਼ੋਹਰਤ ਮਾਨ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਸਵਿਫ਼ਟ ਡਿਜ਼ਾਇਰ ਕਾਰ ਵਿੱਚ ਪਠਾਨਕੋਟ ਤੋਂ ਪਰਮਾਨੰਦ ਵੱਲ ਆ ਰਹੇ ਹਨ।
ਇਸ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਅੱਡਾ ਕਾਨਵਾਂ ’ਤੇ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਇਕ 9 ਐੱਮਐੱਮ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਕਾਰ ਵਿੱਚੋਂ ਇਕ ਹੋਰ ਪਿਸਤੌਲ ਅਤੇ ਇਕ ਕਾਰਤੂਸ ਵੀ ਬਰਾਮਦ ਕੀਤਾ ਗਿਆ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਰਾਮਦ ਹਥਿਆਰ ਅਮਰੀਕੀ ਬਣਾਵਟ ਦੇ ਹਨ ਅਤੇ ਪਾਕਿਸਤਾਨ ਤੋਂ ਤਸਕਰੀ ਕਰਕੇ ਭੇਜੇ ਗਏ ਸਨ।
ਸੂਤਰਾਂ ਮੁਤਾਬਕ ਇਹ ਹਥਿਆਰ ਸਰਹੱਦੀ ਖੇਤਰ ਦੇ ਇਕ ਨਸ਼ਾ ਤਸਕਰ ਤੋਂ ਖਰੀਦੇ ਗਏ ਸਨ, ਜਿਸ ਖ਼ਿਲਾਫ਼ ਪਹਿਲਾਂ ਵੀ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਦੇ ਮਾਮਲੇ ਦਰਜ ਹਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।