- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਕਿਹਾ ਕਿ ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਸਹਾਰਾ ਸੀ ਅਤੇ ਉਸ ਦੀ ਮੌਤ ਨੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਡਰਪਾਸ ਵਿਚ ਪਾਣੀ ਨਾ ਖੜ੍ਹਾ ਹੁੰਦਾ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਦੱਸਿਆ ਕਿ ਬਰਸਾਤ ਦੌਰਾਨ ਕਈ ਵਾਹਨ ਪਾਣੀ ਵਿਚ ਫਸ ਕੇ ਖ਼ਰਾਬ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਆਰ.ਸਿੰਘ, ਪੰਜਾਬੀ ਜਾਗਰਣ, ਸੁਜਾਨਪੁਰ/ਪਠਾਨਕੋਟ : ਸੁਜਾਨਪੁਰ-ਮਲਿਕਪੁਰ-ਮਾਧੋਪੁਰ ਨੈਸ਼ਨਲ ਹਾਈਵੇ 'ਤੇ ਰੇਲਵੇ ਅੰਡਰਪਾਸ ਹੇਠਾਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਵਾਪਰੇ ਹਾਦਸੇ ਵਿਚ ਨਾਬਾਲਗ ਨਿਹੰਗ ਸਿੰਘ ਅਰਸ਼ਦੀਪ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਜਥੇਬੰਦੀਆਂ ਦਾ ਰੋਸ ਭੜਕ ਉੱਠਿਆ। ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿਚ ਦਸਮੇਸ਼ ਖ਼ਾਲਸਾ ਆਰਗੇਨਾਈਜ਼ੇਸ਼ਨ ਪਠਾਨਕੋਟ, ਸਰਬੱਤ ਦਾ ਭਲਾ ਟਰੱਸਟ ਪਠਾਨਕੋਟ, ਬਾਬਾ ਬੁੱਢਾ ਦਲ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੀਰਥ ਸਿੰਘ, ਭੁਪਿੰਦਰ ਸਿੰਘ, ਅਰਜੁਨ ਸਿੰਘ, ਵੰਸ਼ਦੀਪ ਸਿੰਘ ਅਤੇ ਪਾਲ ਸਿੰਘ ਨੇ ਕਿਹਾ ਕਿ ਅੰਡਰਪਾਸ ਵਿਚ ਬਰਸਾਤੀ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਪਿਛਲੇ ਦੋ-ਤਿੰਨ ਸਾਲਾਂ ਤੋਂ ਲਗਾਤਾਰ ਬਣੀ ਹੋਈ ਹੈ, ਪਰ ਅਜੇ ਤੱਕ ਇਸ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਬਰਸਾਤ ਪੈਣ 'ਤੇ ਹੀ ਅੰਡਰਪਾਸ ਪਾਣੀ ਨਾਲ ਭਰ ਜਾਂਦਾ ਹੈ, ਜਿਸ ਕਾਰਨ ਲੋਕਾਂ ਦਾ ਇਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਲੋਕ ਮਜ਼ਬੂਰੀ ਵੱਸ ਦੂਜੀ ਲੇਨ ਰਾਹੀਂ ਲੰਘਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸੇ ਸਮੱਸਿਆ ਕਾਰਨ ਇਕ ਦਿਨ ਪਹਿਲਾਂ ਨਿਹੰਗ ਸਿੰਘ ਅਰਸ਼ਦੀਪ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਆਗੂਆਂ ਨੇ ਕਿਹਾ ਕਿ ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਸਹਾਰਾ ਸੀ ਅਤੇ ਉਸ ਦੀ ਮੌਤ ਨੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਡਰਪਾਸ ਵਿਚ ਪਾਣੀ ਨਾ ਖੜ੍ਹਾ ਹੁੰਦਾ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਦੱਸਿਆ ਕਿ ਬਰਸਾਤ ਦੌਰਾਨ ਕਈ ਵਾਹਨ ਪਾਣੀ ਵਿਚ ਫਸ ਕੇ ਖ਼ਰਾਬ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਿੱਖ ਜਥੇਬੰਦੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ ਅੰਡਰਪਾਸ ਦੀ ਪਾਣੀ ਨਿਕਾਸੀ ਸਮੇਤ ਸਮੁੱਚੀ ਸਮੱਸਿਆ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ ਉਹ ਹੋਰ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।