ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨਸ਼ਿਆਂ ਦੇ ਖ਼ਾਤਮੇ ਲਈ ਪਠਾਨਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ
Publish Date: Sat, 12 Sep 2026 05:07 PM (IST)
Updated Date: Sat, 12 Sep 2026 05:08 PM (IST)
ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪਠਾਨਕੋਟ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਐੱਸਐੱਸਪੀ ਪਠਾਨਕੋਟ ਮਨਪ੍ਰੀਤ ਸਿੰਘ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ ਪੁਰਾਣੀਆਂ, ਖਾਲੀ ਅਤੇ ਸੁੰਨੀਆਂ ਇਮਾਰਤਾਂ ਤੋਂ ਇਲਾਵਾ ਅਜਿਹੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਨ੍ਹਾਂ ਦੀ ਵਰਤੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਲਈ ਕੀਤੇ ਜਾਣ ਦਾ ਸ਼ੱਕ ਸੀ। ਪੁਲਿਸ ਵੱਲੋਂ ਇਲਾਕਿਆਂ ਵਿੱਚ ਮੌਜੂਦ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਨਸ਼ਿਆਂ ਦੀ ਵਰਤੋਂ ਕਰਦੇ ਪਾਏ ਗਏ ਵਿਅਕਤੀਆਂ ਨਾਲ ਸਿਰਫ਼ ਸਖ਼ਤੀ ਹੀ ਨਹੀਂ, ਸਗੋਂ ਉਨ੍ਹਾਂ ਦੀ ਜ਼ਿੰਦਗੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਝਾਉਣ ਅਤੇ ਮੁੜ ਵਸੇਬੇ ’ਤੇ ਵੀ ਜ਼ੋਰ ਦਿੱਤਾ ਗਿਆ। ਅਜਿਹੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ, ਸਲਾਹ-ਮਸ਼ਵਰੇ ਅਤੇ ਮੁੜ ਵਸੇਬੇ ਲਈ ਭੇਜਣ ਦੀ ਕਾਰਵਾਈ ਕੀਤੀ ਗਈ। ਐਸਐਸਪੀ ਮਨਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਨਸ਼ਾ ਤਸਕਰੀ ਦੇ ਟਿਕਾਣਿਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਠਾਨਕੋਟ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਤੱਕ ਪਹੁੰਚਾਉਣ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।