ਕਾਸੋ ਆਪ੍ਰੇਸ਼ਨ ਤਹਿਤ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਜਾਂਚ ਕਾਸੋ ਆਪ੍ਰੇਸ਼ਨ ਤਹਿਤ ਪਲੇਟਫਾਰਮਾਂ, ਪਾਰਸਲ ਦਫ਼ਤਰ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਜਾਂਚ
Publish Date: Sat, 21 Nov 2026 04:10 PM (IST)
Updated Date: Sat, 21 Nov 2026 04:13 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਮਕਸਦ ਨਾਲ ਜੀਆਰਪੀ ਪਠਾਨਕੋਟ ਵੱਲੋਂ ਪਠਾਨਕੋਟ ਛਾਉਣੀ ਰੇਲਵੇ ਸਟੇਸ਼ਨ ਵਿਖੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਰੇਲਵੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਵੀ ਫੈਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੀਆਰਪੀ ਪਠਾਨਕੋਟ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਾਂਝਾ ਅਭਿਆਨ ਜੀਆਰਪੀ ਅਤੇ ਆਰਪੀਐੱਫ ਦੇ ਕਰਮਚਾਰੀਆਂ ਵੱਲੋਂ ਜੀਆਰਪੀ ਦੀ ਐਂਟੀ-ਸਾਬੋਟਾਜ ਟੀਮ ਦੇ ਸਹਿਯੋਗ ਨਾਲ ਚਲਾਇਆ ਗਿਆ। ਇਸ ਦੌਰਾਨ ਪਲੇਟਫਾਰਮਾਂ, ਪਾਰਸਲ ਦਫ਼ਤਰ, ਮੋਟਰਸਾਈਕਲ ਅਤੇ ਟੈਕਸੀ ਸਟੈਂਡ, ਉਡੀਕ ਘਰ, ਸਰਕੂਲੇਟਿੰਗ ਏਰੀਏ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਰੇਲਗੱਡੀਆਂ ਵਿੱਚ ਚੋਰੀ ਦੀਆਂ ਘਟਨਾਵਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਕਰਮਚਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਯਾਤਰੀਆਂ ਨੂੰ ਸਫ਼ਰ ਦੌਰਾਨ ਆਪਣੇ ਮੋਬਾਈਲ ਫੋਨਾਂ, ਕੀਮਤੀ ਵਸਤਾਂ ਅਤੇ ਹੋਰ ਸਮਾਨ ਦੀ ਸਾਂਭ-ਸੰਭਾਲ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਰੇਲਵੇ ਸਟੇਸ਼ਨ ’ਤੇ ਕੰਮ ਕਰਨ ਵਾਲੇ ਕੁੱਲੀਆਂ ਅਤੇ ਸਫ਼ਾਈ ਸੇਵਕਾਂ ਨੂੰ ਵੀ ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ। ਸੁਖਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਥਾਣਾ ਜੀਆਰਪੀ ਪਠਾਨਕੋਟ ਦੇ ਅਧੀਨ ਆਉਂਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਅੱਜ ਦੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।