ਮਾੜ੍ਹੀ ਕਾਨੂੰਨ ਵਿਵਸਥਾ ਖਿਲਾਫ਼ ਕਾਂਗਰਸੀ ਵਰਕਰਾਂ ਨੇ ਘੇਰਿਆ ਐੱਸਐੱਸਪੀ ਦਫਤਰ ਪੁਲਿਸ ਕਾਰਵਾਈ ਤੇ ਨਸ਼ੇ ਦੇ ਮੁੱਦੇ
Publish Date: Wed, 23 Sep 2026 05:26 PM (IST)
Updated Date: Wed, 23 Sep 2026 05:30 PM (IST)
ਫੋਟੋ : ਐੱਸਐੱਸਪੀ ਦਫ਼ਤਰ ਮਲਿਕਪੁਰ ਦੇ ਬਾਹਰ ਧਰਨੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਦੇ ਕਾਂਗਰਸੀ ਆਗੂ ਤੇ ਵਰਕਰ। ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਵਿੱਚ ਨਸ਼ੇ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਪੁਲਿਸ ਦੀ ਕਥਿਤ ਧੱਕੇਸ਼ਾਹੀ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਵੱਲੋਂ ਐੱਸਐੱਸਪੀ ਦਫ਼ਤਰ ਮਲਿਕਪੁਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ ਦੀ ਅਗਵਾਈ ਹੇਠ ਕੀਤੇ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਆਵਾਜ਼ ਉਠਾਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੰਘਰਸ਼ ਕਰ ਰਹੇ ਲੋਕਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਪੁਲਿਸ ਕਾਰਵਾਈ ’ਤੇ ਵੀ ਸਵਾਲ ਚੁੱਕੇ। ਇਸ ਮੌਕੇ ਮੋਹਨਜੀਤ ਸਿੰਘ, ਜੱਗਾ ਅਤੇ ਕਰਨਜੀਤ ਸਮੇਤ ਹੋਰਨਾਂ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ। ਧਰਨੇ ਦੌਰਾਨ ਸੰਗਰੂਰ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਨਸ਼ੇ ਦੇ ਮੁੱਦੇ ’ਤੇ ਸਵਾਲ ਉਠਾਉਣ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਦੀ ਜਾਂਚ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਸਰਕਾਰ ਤੋਂ ਸਥਿਤੀ ਰਿਪੋਰਟ ਮੰਗੀ ਜਾ ਚੁੱਕੀ ਹੈ। ਰਿਪੋਰਟਾਂ ਮੁਤਾਬਕ ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੇ ਮੁੱਦੇ ’ਤੇ ਸਵਾਲ ਪੁੱਛਣ ਤੋਂ ਬਾਅਦ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ, ਜਦਕਿ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਜਾਂਚ ਮੁਕੰਮਲ ਹੋਣ ਦੀ ਗੱਲ ਕਹੀ ਹੈ। ਕਾਂਗਰਸੀ ਆਗੂਆਂ ਨੇ ਪਠਾਨਕੋਟ ਦੇ ਥਾਣਾ ਸਦਰ ਅਧੀਨ ਪੈਂਦੇ ਇੱਕ ਪਿੰਡ ਵਿੱਚ 19 ਸਾਲਾ ਵਿਦਿਆਰਥਣ ਨਾਲ ਵਾਪਰੀ ਕਥਿਤ ਘਟਨਾ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਮਾਮਲੇ ਵਿੱਚ ਸ਼ੁਰੂਆਤੀ ਪੱਧਰ ’ਤੇ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਅਤੇ ਬਾਅਦ ਵਿੱਚ ਅਦਾਲਤੀ ਦਖ਼ਲ ਤੋਂ ਪਿੱਛੋਂ ਮਾਮਲਾ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸ ਵੱਲੋਂ ਪੰਜਾਬ ਦੇ ਡੀਜੀਪੀ ਦੇ ਨਾਂ ਐੱਸਐੱਸਪੀ ਪਠਾਨਕੋਟ ਰਾਹੀਂ ਯਾਦ ਪੱਤਰ ਵੀ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਉਠਾਏ ਗਏ ਮਾਮਲਿਆਂ ਵਿੱਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਵੱਲੋਂ ਸੂਬੇ ਭਰ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ।