ਸਬ ਜੇਲ੍ਹ ਪਠਾਨਕੋਟ 'ਚ ਪੁਲਿਸ ਦਾ ਵੱਡਾ ਐਕਸ਼ਨ: ਅਚਨਚੇਤ ਘੇਰਾਬੰਦੀ ਕਰਕੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ
ਅਭਿਆਨ ਦੌਰਾਨ ਪੁਲਿਸ ਟੀਮਾਂ ਵੱਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ, ਕੰਪਲੈਕਸ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਕੈਦੀਆਂ ਦੇ ਬਿਸਤਰਿਆਂ, ਨਿੱਜੀ ਸਾਮਾਨ ਅਤੇ ਹੋਰ ਵਸਤੂਆਂ ਦੀ ਵੀ ਤਲਾਸ਼ੀ ਲਈ। ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਜੇਲ੍ਹ ਅੰਦਰ ਕੋਈ ਪਾਬੰਦੀਸ਼ੁਦਾ ਵਸਤੂ ਨਾ ਪਹੁੰਚ ਸਕੇ ਅਤੇ ਨਾ ਹੀ ਕਿਸੇ ਕਿਸਮ ਦੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਉਤਸਾਹ ਮਿਲੇ।
Publish Date: Thu, 03 Sep 2026 12:19 PM (IST)
Updated Date: Thu, 03 Sep 2026 12:23 PM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ। ਜੇਲ੍ਹਾਂ ਅੰਦਰੋਂ ਚੱਲਣ ਵਾਲੀਆਂ ਗੈਰ-ਸਮਾਜਿਕ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸਬ ਜੇਲ੍ਹ ਪਠਾਨਕੋਟ ਵਿਖੇ ਅਚਨਚੇਤ 'ਕੋਰਡਨ ਐਂਡ ਸਰਚ ਆਪ੍ਰੇਸ਼ਨ' ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਬਲ ਨੇ ਜੇਲ੍ਹ ਨੂੰ ਚਾਰੇ ਪਾਸਿਓਂ ਘੇਰ ਕੇ ਤਲਾਸ਼ੀ ਮੁਹਿੰਮ ਨੂੰ ਅੰਜਾਮ ਦਿੱਤਾ।
ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ, ਕੰਪਲੈਕਸ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਕੈਦੀਆਂ ਦੇ ਬਿਸਤਰਿਆਂ, ਨਿੱਜੀ ਸਾਮਾਨ ਅਤੇ ਹੋਰ ਵਸਤੂਆਂ ਦੀ ਵੀ ਤਲਾਸ਼ੀ ਲਈ। ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਜੇਲ੍ਹ ਅੰਦਰ ਕੋਈ ਪਾਬੰਦੀਸ਼ੁਦਾ ਵਸਤੂ ਨਾ ਪਹੁੰਚ ਸਕੇ ਅਤੇ ਨਾ ਹੀ ਕਿਸੇ ਕਿਸਮ ਦੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਉਤਸਾਹ ਮਿਲੇ।
ਸੁਰੱਖਿਆ ਪ੍ਰਬੰਧਾਂ ਦੀ ਵੀ ਕੀਤੀ ਸਮੀਖਿਆ
ਤਲਾਸ਼ੀ ਮੁਹਿੰਮ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਜੇਲ੍ਹ ਦੀ ਮੌਜੂਦਾ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜੇਲ੍ਹ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਿਤੀ, ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਜੇਲ੍ਹ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ 'ਤੇ ਵੀ ਜ਼ੋਰ ਦਿੱਤਾ।
ਪੁਲਿਸ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਜੇਲ੍ਹ ਅੰਦਰ ਮੋਬਾਈਲ ਫ਼ੋਨ, ਨਸ਼ੀਲੇ ਪਦਾਰਥਾਂ ਜਾਂ ਹੋਰ ਪਾਬੰਦੀਸ਼ੁਦਾ ਸਮੱਗਰੀ ਦੀ ਮੌਜੂਦਗੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਜਾਰੀ ਰੱਖੀ ਜਾਵੇਗੀ।
ਅਧਿਕਾਰੀਆਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਤਹਿਤ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਅਚਨਚੇਤ ਤਲਾਸ਼ੀ ਮੁਹਿੰਮ ਅਤੇ ਹੋਰ ਸੁਰੱਖਿਆ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ।