- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਸ਼ਿਕੰਜਾ

ਆਰ.ਸਿੰਘ, ਪੰਜਾਬੀ ਜਾਗਰਣ
ਪਠਾਨਕੋਟ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ‘ਕਾਸੋ’ ਮੁਹਿੰਮ ਚਲਾਈ ਗਈ। ਲਮੀਨੀ ਦੇ ਵਾਰਡ ਨੰਬਰ 6 ਅਤੇ ਚਾਰ ਮਰਲਾ ਕੁਆਰਟਰਾਂ ਵਿੱਚ ਪੁਲਿਸ ਦੀਆਂ ਟੀਮਾਂ ਨੇ ਘੇਰਾਬੰਦੀ ਕਰਕੇ ਘਰਾਂ, ਖੰਡਰ ਇਮਾਰਤਾਂ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਇਕ ਮਾਮਲਾ ਦਰਜ ਕੀਤਾ ਹੈ।
ਪੁਲਿਸ ਦੀ ਇਸ ਕਾਰਵਾਈ ਦੀ ਅਗਵਾਈ ਐੱਸਐੱਸਪੀ ਪਠਾਨਕੋਟ ਮਨਪ੍ਰੀਤ ਸਿੰਘ ਦੀਆਂ ਹਦਾਇਤਾਂ ’ਤੇ ਕੀਤੀ ਗਈ। ਮੁਹਿੰਮ ਵਿੱਚ ਇਕ ਐੱਸਪੀ, ਦੋ ਡੀਐੱਸਪੀ ਅਤੇ 6 ਥਾਣਿਆਂ ਦੇ ਐੱਸਐੱਚਓ ਸਮੇਤ ਕਰੀਬ 150 ਪੁਲਿਸ ਮੁਲਾਜ਼ਮ ਸ਼ਾਮਲ ਸਨ। ਪੁਲਿਸ ਟੀਮਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਕੇ ਸ਼ੱਕੀ ਘਰਾਂ ਅਤੇ ਸੰਭਾਵਿਤ ਨਸ਼ਾ ਤਸਕਰੀ ਵਾਲੇ ਟਿਕਾਣਿਆਂ ਦੀ ਤਲਾਸ਼ੀ ਲਈ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕੀ ਗਤੀਵਿਧੀਆਂ ਵਾਲੇ ਘਰਾਂ ਦੇ ਅੰਦਰ ਜਾ ਕੇ ਕਮਰਿਆਂ, ਬਿਸਤਰਿਆਂ, ਅਲਮਾਰੀਆਂ ਸਮੇਤ ਹੋਰ ਥਾਵਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਖਾਲੀ ਪਈਆਂ ਅਤੇ ਖੰਡਰ ਇਮਾਰਤਾਂ ਨੂੰ ਵੀ ਖੰਗਾਲਿਆ ਗਿਆ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੀਆਂ ਪੁਰਾਣੀਆਂ ਜਾਂ ਖਾਲੀ ਪਈਆਂ ਇਮਾਰਤਾਂ, ਜਿਨ੍ਹਾਂ ਦੀ ਵਰਤੋਂ ਨਸ਼ੇ ਦੀਆਂ ਗਤੀਵਿਧੀਆਂ ਲਈ ਕੀਤੀ ਜਾ ਰਹੀ ਹੈ, ਨੂੰ ਮੁੜ ਵਰਤੋਂਯੋਗ ਬਣਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਨਸ਼ਾ ਛੱਡਣ ਦੇ ਇੱਛੁਕ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਲੋੜੀਂਦੀ ਸਹਾਇਤਾ ਵੀ ਦਿਵਾਈ ਜਾਵੇਗੀ।
ਐੱਸਐੱਸਪੀ ਮਨਪ੍ਰੀਤ ਸਿੰਘ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਗੈਰ-ਕਾਨੂੰਨੀ ਧੰਦੇ ਨੂੰ ਤੁਰੰਤ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।