ਭੱਠਾ ਮਜ਼ਦੂਰਾਂ ਨੇ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
Publish Date: Fri, 19 Jun 2026 05:06 PM (IST)
Updated Date: Fri, 19 Jun 2026 05:09 PM (IST)

ਆਰ.ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪਿੰਡ ਤੰਗੋਸ਼ਾਹ ਵਿਖੇ ਸਥਿਤ ਇਕ ਇੱਟ ਭੱਠੇ ਦੇ ਮਜ਼ਦੂਰਾਂ ਨੇ ਬਕਾਇਆ ਮਜ਼ਦੂਰੀ ਅਤੇ ਨਵੇਂ ਤੈਅ ਕੀਤੇ ਰੇਟ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਮੰਗ ਪੱਤਰ ਸੌਂਪਿਆ। ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ (ਸੀਟੀਯੂ ਪੰਜਾਬ) ਦੀ ਅਗਵਾਈ ਹੇਠ ਔਰਤਾਂ ਅਤੇ ਮਰਦ ਮਜ਼ਦੂਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਰੁਕੀ ਹੋਈ ਮਜ਼ਦੂਰੀ ਤੁਰੰਤ ਦਿਵਾਈ ਜਾਵੇ ਅਤੇ ਸਮਝੌਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪਿੰਡ ਤੰਗੋਸ਼ਾਹ ਸਥਿਤ ਇੱਟ ਭੱਠੇ ਦੇ ਮਾਲਕ ਸੁਸ਼ਾਂਤ ਅਗਰਵਾਲ ਵੱਲੋਂ ਪਥੇਰ ਮਜ਼ਦੂਰਾਂ ਨੂੰ ਨਵਾਂ ਰੇਟ 1138 ਰੁਪਏ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦਾ ਸੀਜ਼ਨ ਹੋਣ ਦੇ ਬਾਵਜੂਦ ਮਜ਼ਦੂਰਾਂ ਦਾ ਪੂਰਾ ਹਿਸਾਬ-ਕਿਤਾਬ ਨਹੀਂ ਕੀਤਾ ਗਿਆ, ਜਿਸ ਕਾਰਨ ਮਜ਼ਦੂਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਯੂਨੀਅਨ ਆਗੂ ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7.30 ਵਜੇ ਨਿਰਧਾਰਤ ਕੀਤਾ ਗਿਆ ਹੈ, ਪਰ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਕਈ ਅਧਿਕਾਰੀ ਸਵੇਰੇ 10 ਵਜੇ ਤੱਕ ਵੀ ਆਪਣੀਆਂ ਸੀਟਾਂ ’ਤੇ ਮੌਜੂਦ ਨਹੀਂ ਸਨ। ਉਨ੍ਹਾਂ ਕਿਹਾ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਏਡੀਸੀ ਪਠਾਨਕੋਟ ਨੇ ਮਜ਼ਦੂਰਾਂ ਦੀ ਦਰਖ਼ਾਸਤ ਪ੍ਰਾਪਤ ਕਰਕੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਕਾਮਰੇਡ ਸ਼ਿਵ ਕੁਮਾਰ ਅਤੇ ਮਨਹਰਨ ਨੇ ਲੇਬਰ ਵਿਭਾਗ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਭੱਠਿਆਂ ਅਤੇ ਹੋਰ ਅਦਾਰਿਆਂ ਵਿੱਚ ਮਜ਼ਦੂਰਾਂ ਨੂੰ ਘੱਟੋ-ਘੱਟ ਮਜ਼ਦੂਰੀ ਵੀ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਲੇਬਰ ਵਿਭਾਗ ਦੀ ਲਾਪਰਵਾਹੀ ਸਾਹਮਣੇ ਆ ਰਹੀ ਹੈ ਅਤੇ ਕਿਸੇ ਨਿਰਪੱਖ ਤੇ ਇਮਾਨਦਾਰ ਅਧਿਕਾਰੀ ਤੋਂ ਜਾਂਚ ਕਰਵਾਉਣ ਦੀ ਲੋੜ ਹੈ। ਯੂਨੀਅਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਭੱਠਿਆਂ ’ਤੇ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰਾਂ ਤੋਂ ਬਿਜਲੀ ਦੇ ਨਾਂ ’ਤੇ ਵਾਧੂ ਰਕਮ ਵਸੂਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਠ ਤੋਂ ਦਸ ਵਾਟ ਦੇ ਸੀਐਫ਼ਐਲ ਬਲਬਾਂ ਦੇ ਬਦਲੇ ਗਰੀਬ ਪਰਿਵਾਰਾਂ ਤੋਂ ਤਿੰਨ ਹਜ਼ਾਰ ਰੁਪਏ ਤੱਕ ਬਿਜਲੀ ਬਿੱਲ ਲਿਆ ਜਾ ਰਿਹਾ ਹੈ, ਜਿਸ ਦੀ ਜਾਂਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਕਰਵਾਈ ਜਾਣੀ ਚਾਹੀਦੀ ਹੈ। ਅਧਿਕਾਰੀਆਂ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਹਾਲਾਂਕਿ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।