- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਸਮਾਜ ਅਤੇ ਕੌਮੀ ਏਕਤਾ ਲਈ ਆਲ ਇੰਡੀਆ ਪੀਪਲਜ਼ ਪੀਸ ਪਾਰਟੀ ਵੱਲੋਂ ਪਠਾਨਕੋਟ ’ਚ ਰੋਸ ਇਕੱਠ

ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਆਲ ਇੰਡੀਆ ਪੀਪਲਜ਼ ਪੀਸ ਪਾਰਟੀ ਵੱਲੋਂ ਪਾਰਟੀ ਦੇ ਨਵੇਂ ਚੁਣੇ ਗਏ ਕੌਮੀ ਚੇਅਰਮੈਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪਠਾਨਕੋਟ ਵਿਖੇ ਵਿਸ਼ਾਲ ਰੋਸ ਇਕੱਠ ਕੀਤਾ ਗਿਆ। ਇਸ ਦੌਰਾਨ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪਾਰਟੀ ਦੇ ਸੰਸਥਾਪਕ ਮੈਂਬਰਾਂ ਵੱਲੋਂ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਰਿੰਦਰ ਸਿੰਘ ਨੂੰ ਕੌਮੀ ਚੇਅਰਮੈਨ ਚੁਣਿਆ ਗਿਆ ਸੀ। ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਪਾਕਿਸਤਾਨ ਵੱਲੋਂ ਕਥਿਤ ਤੌਰ ’ਤੇ ਪ੍ਰਾਯੋਜਿਤ ਅੱਤਵਾਦ, ਨਸ਼ਾ ਤਸਕਰੀ ਅਤੇ ਚਿੱਟੇ ਦੇ ਕਾਰੋਬਾਰ ਵਿੱਚ ਸ਼ਾਮਲ ਤੱਤਾਂ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਗੱਲ ਕਹੀ। ਉਨ੍ਹਾਂ ਵੱਖ-ਵੱਖ ਸਿਆਸੀ ਪਾਰਟੀਆਂ, ਜਿਨ੍ਹਾਂ ਵਿੱਚ ਕਾਂਗਰਸ ਵੀ ਸ਼ਾਮਲ ਹੈ, ਉੱਤੇ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਗ਼ਲਤ ਪ੍ਰਚਾਰ ਕਰਨ ਅਤੇ ਦੇਸ਼ ਵਿੱਚ ਅਸਥਿਰਤਾ ਪੈਦਾ ਕਰਨ ਦੇ ਦੋਸ਼ ਵੀ ਲਗਾਏ।
ਇਸ ਮੌਕੇ ਸੁਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਅੱਤਵਾਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਸੱਤਾ ਵਿੱਚ ਆਉਣ ਦਾ ਮੌਕਾ ਮਿਲਣ ’ਤੇ ਮੁਫ਼ਤ ਤੇ ਮਿਆਰੀ ਸਿੱਖਿਆ, ਵਿਸ਼ਵ ਪੱਧਰੀ ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਕਿਸਾਨਾਂ, ਗਰੀਬਾਂ ਤੇ ਪਛੜੇ ਵਰਗਾਂ ਦੀ ਭਲਾਈ ਨੂੰ ਪਹਿਲ ਦਿੱਤੀ ਜਾਵੇਗੀ। ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ ਕਰਦਿਆਂ ਕੌਮੀ ਏਕਤਾ, ਅਮਨ-ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।